
ਮੁਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਭਲਕੇ 12 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
1992 ਵਿਚ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਵਿੱਚ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਹੈ। ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਪੁਲਿਸ ਅਧਿਕਾਰੀ ਦੀ ਸਜ਼ਾ ਦਾ ਐਲਾਨ ਭਲਕੇ ਵੀਰਵਾਰ 12 ਨਵੰਬਰ ਨੂੰ ਕੀਤਾ ਜਾਵੇਗਾ। ਸੀਬੀਆਈ ਦੀ ਜਾਂਚ ਮੁਤਾਬਕ 25 ਨਵੰਬਰ 1992 ਨੂੰ ਤਰਨਤਾਰਨ ਪੁਲਿਸ ਦੀ ਟੀਮ ਨੇ ਅਮਰੀਕ ਸਿੰਘ ਨੂੰ ਲੁਧਿਆਣਾ ਦੇ ਇਕ ਹੋਟਲ ਵਿੱਚੋਂ ਚੁੱਕਿਆ ਸੀ। ਉਹ ਉੱਥੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੰੁਚਿਆ ਹੋਇਆ ਸੀ। ਪਰਿਵਾਰ ਨੇ ਉਸਦੀ ਭਾਲ ਲਈ ਉੱਚ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਕੀਤੀ ਸੀ, ਪਰ ਉਸਦਾ ਕੋਈ ਥਹੁ-ਪਤਾ ਨਹੀਂ ਲੱਗਿਆ। ਜ਼ਿਕਰਯੋਗ ਹੈ ਕਿ ਮੁਕੱਦਮੇ ਦੀ ਲੰਮੀ ਸੁਣਵਾਈ ਦੌਰਾਨ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਵੀ ਮੌਤ ਹੋ ਗਈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਖ਼ਤਮ ਹੋ ਗਈ ਸੀ।

