
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵੀ ਭਲਕੇ 12 ਨਵੰਬਰ ਤੋਂ ਸ਼ੁਰੂ ਕਰਨਗੇ ‘ਸਾਈਕਲ ਯਾਤਰਾ’
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਅੱਜ ਬੁੱਧਵਾਰ ਨੂੰ ‘ਪੰਜਾਬ ਮੰਗਦਾ ਇਨਸਾਫ’ ਅਭਿਆਨ ਦੀ ਸ਼ੁਰੂਆਤ ਕੀਤੀ, ਜਿਸ ਦੇ ਤਹਿਤ ਸਮਾਜ ਦੇ ਹਰ ਵਰਗ ਤੱਕ ਪਹੁੰਚਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਯਤਨ ਕੀਤਾ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦੇ ਚੰਡੀਗੜ੍ਹ ’ਚ ਸਥਿਤ ਮੁੱਖ ਦਫਤਰ ਵਿਚ ਇਸ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਕਾਂਗਰਸ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ‘ਪੰਜਾਬ ਮੰਗਦਾ ਇਨਸਾਫ’ ਅਭਿਆਨ ਦਾ ਉਦੇਸ਼ ਸੂਬੇ ਦੇ ਲੋਕਾਂ ਨਾਲ ਜੁੜਨਾ ਅਤੇ ਕਿਸਾਨਾਂ, ਨੌਜਵਾਨਾਂ, ਨਸ਼ੇ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਜਨਹਿਤ ਨਾਲ ਜੁੜੇ ਹੋਰ ਮੁੱਦਿਆਂ ਨੂੰ ਉਠਾਉਣਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਕਾਂਗਰਸ ਦੀ ਸੂਬਾ ਇਕਾਈ ਦੇ ਨੇਤਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਨਾਲ ਜੁੜੇ ਮੁੱਦੇ ਉਠਾਉਣਗੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ‘ਸਾਈਕਲ ਯਾਤਰਾ’ ਬਾਰੇ ਬਾਜਵਾ ਨੇ ਕਿਹਾ ਕਿ ਇਹ ਵੀ ਪਾਰਟੀ ਦੇ ਪ੍ਰੋਗਰਾਮ ਦਾ ਹੀ ਹਿੱਸਾ ਹੈ। ਬਾਜਵਾ ਨੇ ਕਿਹਾ ਕਿ ਇਹ ਅਭਿਆਨ ਵੀ ਚਲਾਵਾਂਗੇ ਅਤੇ ਅਸੀਂ ਭਲਕੇ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਵਿਚ ਵੀ ਸ਼ਾਮਲ ਹੋਵਾਂਗੇ।

