
ਇੱਕ ਹੋਰ ਧਾਰਾ ਤਹਿਤ ਵੀ ਦੋ ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ
ਮੁਹਾਲੀ/ਬਿਊਰੋ ਨਿਊਜ਼
ਸਾਲ 1992 ਵਿੱਚ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਮਾਮਲੇ ਵਿਚ ਮੁਹਾਲੀ ਵਿਖੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸਦੇ ਚੱਲਦਿਆਂ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਪੰਜ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਇੱਕ ਹੋਰ ਧਾਰਾ ਵਿੱਚ ਉਸ ਨੂੰ ਦੋ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਹ ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਲੁਧਿਆਣਾ ’ਚ ਵਿਆਹ ਸਮਾਗਮ ਵਿਚੋਂ ਅਗਵਾ ਅਤੇ ਲਾਪਤਾ ਕਰਨ ਦੇ 34 ਸਾਲ ਪੁਰਾਣੇ ਬਹੁ-ਚਰਚਿਤ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਵਲੋਂ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਅਮਰੀਕ ਸਿੰਘ ਨੂੰ ਤਰਨਤਾਰਨ ਪੁਲਿਸ ਵੱਲੋਂ ਲੁਧਿਆਣਾ ਵਿਚਲੇ ਵਿਆਹ ਸਮਾਗਮ ਤੋਂ ਚੁੱਕਿਆ ਗਿਆ ਸੀ। ਇਸ ਮਗਰੋਂ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗਾ। ਇਸੇ ਤਰ੍ਹਾਂ ਤਿੰਨ ਮੁਲਜ਼ਮਾਂ ਏ.ਐੱਸ.ਆਈ. ਜਸਵੰਤ ਸਿੰਘ, ਐੱਸ.ਆਈ. ਸੁਰਿੰਦਰ ਸਿੰਘ ਅਤੇ ਇੰਸਪੈਕਟਰ ਸੂਬਾ ਸਿੰਘ ਦੀ ਮੌਤ ਹੋ ਗਈ, ਜਿਸ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਬੰਦ ਕਰ ਦਿੱਤੀ ਗਈ।

