
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸਦੇ ਚੱਲਦਿਆਂ ਅੱਜ ਸੂਬੇ ਦੇ 23 ਜ਼ਿਲ੍ਹਿਆਂ ਅੰਦਰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਜਾਂਚ ਕਰਨ ਦੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਦੀ ਅਗਵਾਈ ਹੇਠ ਮਸ਼ੀਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਨੇ ਕਿਹਾ ਹੈ ਕਿ ਵੋਟਰ ਸੂਚੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੇ ਦਿੱਤੀ ਗਈ ਹੈ ਅਤੇ ਇਕ ਮਹੀਨੇ ਅੰਦਰ ਇਤਰਾਜ਼ ਦੱਸਣੇ ਹੋਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਉਪਰ ਕੈਂਪ ਲਗਾ ਕੇ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਅਤੇ ਜਿਨ੍ਹਾਂ ਲੋਕਾਂ ਦੀ ਵੋਟ ਸਹੀ ਨਹੀਂ ਬਣੀ, ਉਨ੍ਹਾਂ ਦੀਆਂ ਵੋਟਾਂ ਵੀ ਸਹੀ ਕੀਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਕੈਂਪਾਂ ਦਾ ਲਾਭ ਲੈ ਕੇ ਆਪਣੀ ਵੋਟ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਆਉਂਦੇ ਸਾਲ 2027 ਦੇ ਸ਼ੁਰੂਆਤੀ ਮਹੀਨਿਆਂ ਵਿਚ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣਗੀਆਂ ਹਨ ਅਤੇ ਸਿਆਸੀ ਪਾਰਟੀਆਂ ਨੇ ਵੀ ਆਪੋ-ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ।

