ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ 2025-26 ਵਿੱਚ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਸੂਬੇ ਦਾ ਪਹਿਲਾ ਸਾਫ ਸ਼ਹਿਰ ਹੋਣ ਦਾ ਐਵਾਰਡ ਪ੍ਰਾਪਤ ਹੋਇਆ ਹੈ।
ਨਵੀਂ ਦਿੱਲੀ ਵਿਖੇ ਬੁੱਧਵਾਰ ਨੂੰ ਕਰਵਾਏ ਗਏ ਕੌਮੀ ਐਵਾਰਡ ਸਮਾਰੋਹ ਦੌਰਾਨ ਰਾਸ਼ਟਰਪਤੀ ਸ੍ਰੀਮਤੀ ਦਰੌਪਦੀ ਮੁਰਮੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੂੰ ਇਹ ਸਨਮਾਨ ਪ੍ਰਦਾਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਨੂੰ ਮਿਲਿਆ ਇਹ ਕੌਮੀ ਸਨਮਾਨ ਸਮੁੱਚੇ ਇਲਾਕੇ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਪਿੱਛੇ ਸ਼ਹਿਰ ਵਾਸੀਆਂ, ਨਗਰ ਕੌਂਸਲ ਦੇ ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਸਹਿਯੋਗ ਦੇਣ ਵਾਲੇ ਹਰ ਵਿਅਕਤੀ ਦੀ ਮਿਹਨਤ ਸ਼ਾਮਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਐਵਾਰਡ ਨਗਰ ਕੌਂਸਲ ਦੀ ਸਮੁੱਚੀ ਟੀਮ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੀ ਸਫ਼ਾਈ, ਸੁੰਦਰਤਾ ਅਤੇ ਵਾਤਾਵਰਨ ਦੀ ਸੰਭਾਲ ਨੂੰ ਪਹਿਲ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਵੱਛ ਸਰਵੇਖਣ ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਜਾਂਦਾ ਹੈ। ਇਸ ਵਿੱਚ ਸ਼ਹਿਰਾਂ ਦਾ ਮੁਲਾਂਕਣ ਘਰ-ਘਰ ਕੂੜਾ ਇਕੱਠਾ ਕਰਨ, ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖਰੀ ਸੰਭਾਲ, ਜਨਤਕ ਥਾਵਾਂ ਦੀ ਸਫ਼ਾਈ, ਪਖਾਨਿਆਂ ਦੀ ਸਥਿਤੀ ਅਤੇ ਲੋਕਾਂ ਦੀ ਭਾਗੀਦਾਰੀ ਵਰਗੇ ਮਾਪਦੰਡਾਂ ਦੇ ਆਧਾਰ ‘ਤੇ ਕੀਤਾ ਜਾਂਦਾ ਹੈ।
ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨ
ਚੰਡੀਗੜ੍ਹ : ਚੰਡੀਗੜ੍ਹ ਨੇ 3 ਤੋਂ 10 ਲੱਖ ਤੱਕ ਦੀ ਆਬਾਦੀ ਵਾਲੇ ‘ਸਵੱਛ ਸ਼ਹਿਰ’ ਵਰਗ ਤਹਿਤ ਸਵੱਛ ਸਰਵੇਖਣ ਐਵਾਰਡ 2025-26 ਵਿੱਚ ਮੁੜ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਪੁਰਸਕਾਰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਇੱਕ ਸਨਮਾਨ ਸਮਾਰੋਹ ਦੌਰਾਨ ਭਾਰਤ ਦੇ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਅਤੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੂੰ ਪ੍ਰਦਾਨ ਕੀਤਾ ਗਿਆ। ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਕਰਵਾਏ ਗਏ ਇਸ ਸਾਲਾਨਾ ਸਫਾਈ ਮੁਲਾਂਕਣ ਦਾ 10ਵਾਂ ਸੰਸਕਰਣ ‘ਸਵੱਛਤਾ ਕੀ ਨਈ ਪਹਿਲ – ਬੜ੍ਹਾਏਂ ਹਾਥ, ਕਰੇਂ ਸਫਾਈ ਸਾਥ’ ਥੀਮ (ਵਿਸ਼ੇ) ਤਹਿਤ ਕਰਵਾਇਆ ਗਿਆ। ਇਸ ਪੁਰਸਕਾਰ ਸਮਾਰੋਹ ਦੌਰਾਨ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਅਤੇ ਰਾਜ ਮੰਤਰੀ ਤੋਖਨ ਸਾਹੂ ਵੀ ਮੌਜੂਦ ਸਨ। ਚੰਡੀਗੜ੍ਹ ਸ਼ਹਿਰ ਨੇ ਸਵੱਛ ਸਰਵੇਖਣ 2024-25 ਵਿੱਚ ਵੀ 3 ਤੋਂ 10 ਲੱਖ ਦੀ ਆਬਾਦੀ ਵਾਲੇ ਵਰਗ ਤਹਿਤ ‘ਸੁਪਰ ਸਵੱਛ ਲੀਗ ਸ਼ਹਿਰਾਂ’ ਵਿੱਚ ਦੂਜਾ ਸਥਾਨ ਹਾਸਲ ਕੀਤਾ ਸੀ।
ਸ੍ਰੀ ਆਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ
RELATED ARTICLES

