
ਬਕਾਇਆ ਬਿੱਲਾਂ ’ਤੇ ਲੱਗਿਆ ਜੁਰਮਾਨਾ ਤੇ ਵਿਆਜ਼ ਹੋਵੇਗਾ ਮੁਆਫ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਦੇ ਨਿਬੇੜੇ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ (ਓ.ਟੀ.ਐਸ.) ਦਾ ਐਲਾਨ ਕੀਤਾ ਹੈ। ਅੱਜ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਡਿਫਾਲਟਰ ਘਰੇਲੂ ਖਪਤਕਾਰਾਂ ਨੂੰ ਉਨ੍ਹਾਂ ਦੇ ਬਕਾਇਆ ਬਿੱਲਾਂ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ। ਯੋਜਨਾ ਦੀਆਂ ਸ਼ਰਤਾਂ ਅਨੁਸਾਰ, ਖਪਤਕਾਰਾਂ ਨੂੰ ਆਪਣੇ ਬਕਾਇਆ ਬਿੱਲਾਂ ਦੀ ਸਿਰਫ ਮੂਲ ਰਕਮ ਹੀ ਜਮ੍ਹਾਂ ਕਰਵਾਉਣੀ ਪਵੇਗੀ, ਜਦੋਂ ਕਿ ਬਾਕੀ ਸਾਰਾ ਜੁਰਮਾਨਾ ਤੇ ਵਿਆਜ ਮੁਆਫ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ 24 ਲੱਖ ਤੋਂ ਵੱਧ ਘਰੇਲੂ ਖਪਤਕਾਰਾਂ ਵੱਲ ਬਿਜਲੀ ਬਿੱਲਾਂ ਦੀ ਕੁੱਲ 2516 ਕਰੋੜ ਰੁਪਏ ਦੀ ਰਕਮ ਬਕਾਇਆ ਖੜ੍ਹੀ ਹੈ। ਇਸ ਸਕੀਮ ਤਹਿਤ ਰਾਹਤ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਪਹਿਲਾਂ ਬਕਾਇਆ ਮੂਲ ਰਕਮ ਦਾ 25 ਫੀਸਦੀ ਹਿੱਸਾ ਤੁਰੰਤ ਜਮ੍ਹਾਂ ਕਰਵਾਉਣਾ ਹੋਵੇਗਾ, ਜਦਕਿ ਬਾਕੀ ਰਹਿੰਦੀ 75 ਫੀਸਦੀ ਰਕਮ ਛੇ-ਛੇ ਮਹੀਨਿਆਂ ਦੀਆਂ ਦੋ ਆਸਾਨ ਕਿਸ਼ਤਾਂ ਵਿੱਚ ਅਦਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ।
ਆਮ ਆਦਮੀ ਪਾਰਟੀ ਨੂੰ ਇੱਕ ਹੋਰ ਸਿਆਸੀ ਝਟਕਾ
ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਛੱਡੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਸੁਖਦੀਪ ਸਿੰਘ ਛੀਨਾ ਨੇ ਆਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ। ਆਪਣੇ ਅਸਤੀਫਾ ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਮੈਂ, ਸੁਖਦੀਪ ਸਿੰਘ ਛੀਨਾ, ਆਮ ਆਦਮੀ ਪਾਰਟੀ ਵਿਚਲੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵੀ ਤਿਆਗਦਾ ਹਾਂ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੰਘੇ ਕੱਲ੍ਹ 31 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕੀਤੀ ਗਈ ਸੀ। ਪਾਰਟੀ ਵੱਲੋਂ ਟਿਕਟਾਂ ਦੇ ਐਲਾਨ ਤੋਂ ਤੁਰੰਤ ਬਾਅਦ ਸੁਖਦੀਪ ਸਿੰਘ ਛੀਨਾ ਵੱਲੋਂ ਪਾਰਟੀ ਛੱਡਣ ਦੇ ਫੈਸਲੇ ਨੂੰ ਕਈ ਸਿਆਸੀ ਮਾਅਨਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

