
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਸਰਵੇਖਣ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰੀਬ 50 ਉਮੀਦਵਾਰਾਂ ਦੀ ਪਹਿਲੀ ਸੂਚੀ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਸਕ੍ਰੀਨਿੰਗ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸੂਬਾ ਚੋਣ ਕਮੇਟੀ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ ਅਤੇ ਅੱਗੇ ਦੀ ਜਾਂਚ ਤੇ ਪ੍ਰਵਾਨਗੀ ਲਈ ਉਨ੍ਹਾਂ ਨੂੰ ਸਕ੍ਰੀਨਿੰਗ ਕਮੇਟੀ ਕੋਲ ਭੇਜੇਗੀ। ਪੰਜਾਬ ਲਈ ਇਸ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਮਹਾਰਾਸ਼ਟਰ ’ਚ ਕਾਂਗਰਸ ਪਾਰਟੀ ਦੇ ਇੰਚਾਰਜ ਡਾ. ਸਿਰੀਵੇਲਾ ਪ੍ਰਸਾਦ ਕਰਨਗੇ, ਜਦਕਿ ਕਾਂਗਰਸ ਦੇ ਰਾਸ਼ਟਰੀ ਸਕੱਤਰ ਸਚਿਨ ਸਾਵੰਤ ਅਤੇ ਤਾਮਿਲਨਾਡੂ ਦੇ ਇੰਚਾਰਜ ਨਿਵੇਦਿਤ ਅਲਵਾ ਇਸਦੇ ਮੈਂਬਰ ਹੋਣਗੇ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਇਸਦੇ ਅਹੁਦੇਦਾਰ ਮੈਂਬਰ ਹੋਣਗੇ। ਕਾਂਗਰਸ ਪਾਰਟੀ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਰਵੇਖਣ ਕਰ ਰਹੀ ਹੈ ਅਤੇ ਸੰਭਾਵੀ ਉਮੀਦਵਾਰਾਂ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਵੋਟਰਾਂ, ਸਥਾਨਕ ਵਰਕਰਾਂ ਤੇ ਹੋਰ ਹਿੱਸੇਦਾਰਾਂ ਤੋਂ ਫੀਡਬੈਕ ਲੈ ਰਹੀ ਹੈ। ਇਹ ਕਵਾਇਦ ਟਿਕਟਾਂ ਬਾਰੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਲੀਡਰਸ਼ਿਪ ਨੂੰ ਜਾਣਕਾਰੀ ਮੁਹੱਈਆ ਕਰਵਾਏਗੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫਤੇ ਜਾਰੀ ਕੀਤੀ ਜਾਣੀ ਹੈ।

