
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨੀਲਾ ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣਾ ਅਤੇ ਇਸਦੇ ਪੁਨਰ-ਵਿਕਾਸ ਲਈ ਨੀਂਹ ਪੱਥਰ ਰੱਖਣਾ, ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਅਤੇ ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੇ ਡੂੰਘੇ ਸਤਿਕਾਰ, ਸ਼ਰਧਾ ਅਤੇ ਪਿਆਰ ਦਾ ਪ੍ਰਤੀਕ ਹੈ। ਇਹ ਸਿਰਫ ਇਕ ਧਾਰਮਿਕ ਅਸਥਾਨ ਦੇ ਪੁਨਰ-ਵਿਕਾਸ ਦੀ ਪਹਿਲਕਦਮੀ ਨਹੀਂ ਹੈ; ਸਗੋਂ, ਇਹ ਸਾਡੀ ਸ਼ਾਨਦਾਰ ਵਿਰਾਸਤ ਅਤੇ ਸਿੱਖ ਗੁਰੂਆਂ ਦੇ ਇਸ ਸੰਦੇਸ਼ – ‘ਮਾਨਸ ਕੀ ਜਾਤਿ ਸਭੈ ਏਕੈ ਪਹਚਾਨਬੋ’ – ਨੂੰ ਸੁਰੱਖਿਅਤ ਰੱਖਣ ਦਾ ਇਕ ਸੰਕਲਪ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਭਾਈਚਾਰੇ ਪ੍ਰਤੀ ਸਤਿਕਾਰ ਸਿਰਫ ਭਾਰਤ ਤੱਕ ਹੀ ਸੀਮਤ ਨਹੀਂ ਹੈ। ਦੁਨੀਆ ਦੇ ਕਿਸੇ ਵੀ ਕੋਨੇ ਵਿਚ ਵਸੇ ਸਿੱਖ ਭੈਣਾਂ-ਭਰਾਵਾਂ ਪ੍ਰਤੀ ਉਨ੍ਹਾਂ ਦਾ ਪਿਆਰ ਅਤੇ ਸੰਵੇਦਨਸ਼ੀਲਤਾ ਹਮੇਸ਼ਾ ਝਲਕਦੀ ਹੈ।

