
ਕੇਂਦਰੀ ਮੰਤਰੀ ਨੇ ਅਕਾਲੀ ਦਲ ਨਾਲ ਗੱਠਜੋੜ ਬਾਰੇ ਕੋਈ ਜਾਣਕਾਰੀ ਹੋਣ ਤੋਂ ਕੀਤਾ ਇਨਕਾਰ; ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਸੀ ਆਰ ਪਾਟਿਲ ਨੇ ਅੱਜ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਗੱਠਜੋੜ ਬਾਰੇ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਕਰਨਾ ਹੈ ਅਤੇ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।
ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਟਿਲ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਜਿਵੇਂ ਹੋਰਨਾਂ ਸੂਬਿਆਂ ਵਿੱਚ ਭਾਜਪਾ ਜਿੱਤ ਰਹੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵਿਧਾਨ ਸਭਾ ਚੋਣਾਂ ਜਿੱਤੇਗੀ। ਮੇਰੇ ਅਨੁਸਾਰ ਪੰਜਾਬ ਦੀ ਸਿਆਸੀ ਸਥਿਤੀ ਇਹੀ ਕਹਿੰਦੀ ਹੈ।
ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਤੋਂ ਕੀਤਾ ਇਨਕਾਰ : ਭਾਜਪਾ-ਅਕਾਲੀ ਗੱਠਜੋੜ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਫ਼ੈਸਲਾ ਕਰੇਗੀ, ਉਸ ਬਾਰੇ ਸਭ ਨੂੰ ਪਤਾ ਲੱਗ ਜਾਵੇਗਾ। ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਮੁਲਾਕਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦਾ ਇਕ ਆਮ ਵਰਕਰ ਹਾਂ। ਜੇ ਕੋਈ ਮੀਟਿੰਗ ਹੋਣੀ ਹੈ ਤਾਂ ਸਾਡੇ ਸੀਨੀਅਰ ਆਗੂ ਕਰਨਗੇ। ਮੈਂ ਇਸ ਵਿੱਚ ਸ਼ਾਮਲ ਨਹੀਂ ਹਾਂ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਦਫ਼ਤਰ ਵਿੱਚ ਕੋਈ ਮੀਟਿੰਗ ਕਰਨ ਨਹੀਂ ਆਏ ਸਗੋਂ ਵਰਕਰਾਂ ਨੂੰ ਮਿਲਣ ਆਏ ਹਨ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਢਿੱਲੋਂ, ਮੀਡੀਆ ਇੰਚਾਰਜ ਵਿਨੀਤ ਜੋਸ਼ੀ ਅਤੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੌਜੂਦ ਸਨ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਉਨ੍ਹਾਂ ਨੂੰ ਦਫ਼ਤਰ ਲੈ ਕੇ ਆਏ।

