
ਕਿਹਾ : ਅਸੀਂ ਸਾਰੇ ਭਾਰਤੀ ਜਨਤਾ ਵਿਚ ਹੀ ਰਹਾਂਗੇ
ਜਲੰਧਰ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿਚ ਵਾਪਸੀ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਸਾਬਕਾ ਮੰਤਰੀ ਪਰਨੀਤ ਕੌਰ ਨੇ ਮੁੱਢੋਂ ਹੀ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਸਾਰੇ ਹੁਣ ਭਾਰਤੀ ਜਨਤਾ ਪਾਰਟੀ ਵਿਚ ਹੀ ਰਹਿਣਗੇ। ਪਰਨੀਤ ਕੌਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸਪੱਸ਼ਟ ਕਹਿ ਦਿੱਤਾ ਹੈ ਕਿ ਉਹ ਵਾਰ-ਵਾਰ ਫੈਸਲੇ ਨਹੀਂ ਲੈਂਦੇ ਅਤੇ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਜਿੱਤ ਹਾਸਲ ਕਰੇਗੀ ਅਤੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਪਰਨੀਤ ਕੌਰ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਵੀ ਕੀਤੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਪੰਜਾਬ ਵਿਚ ਦੋ ਵਾਰ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਵੀ ਕਾਂਗਰਸ ਪਾਰਟੀ ਵਲੋਂ ਕੇਂਦਰੀ ਮੰਤਰੀ ਰਹੇ ਹਨ। ਪਿਛਲੇ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ, ਪਰਨੀਤ ਕੌਰ ਅਤੇ ਹੋਰ ਕਈ ਕਾਂਗਰਸੀ ਆਗੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

