
ਅਜਮੇਰ ਸਿੰਘ ਲੱਖੋਵਾਲ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ
ਲੁਧਿਆਣਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਲੱਖੋਵਾਲ ਪਹੁੰਚ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਕਿਸਾਨ ਯੂਨੀਅਨ ਦੀ ਸਮੁੱਚੀ ਲੀਡਰਸ਼ਿਪ ਵਲੋਂ ਵਿਚਾਰ ਵਟਾਂਦਰੇ ਤੋਂ ਬਾਅਦ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮਸਲਿਆਂ ਦੀ ਪੈਰਵੀ ਖੇਤਰੀ ਪਾਰਟੀ ਹੀ ਬਿਹਤਰ ਢੰਗ ਨਾਲ ਕਰ ਸਕਦੀ ਹੈ। ਉਨ੍ਹਾਂ ਪੰਜਾਬ ’ਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ, ਐਮ.ਐਸ.ਪੀ., ਫਸਲਾਂ ਦੀ ਖਰੀਦ, ਖੇਤੀਬਾੜੀ ਨੀਤੀ ਅਤੇ ਹੜ੍ਹਾਂ ਤੋਂ ਬਚਾਅ ਵਰਗੇ ਅਹਿਮ ਮੁੱਦੇ ਅਜੇ ਵੀ ਹੱਲ ਹੋਣ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।

