
ਕਿਹਾ : ਸਾਨੂੰ ਕਿਸੇ ਵੀ ਮਦਦ ਦੀ ਲੋੜ ਨਹੀਂ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ ਚੀਨ ਅਤੇ ਰੂਸ ਤੋਂ ਸਹਾਇਤਾ ਲੈਣ ਦੀਆਂ ਸੰਭਾਵਨਾਵਾਂ ਨੂੰ ਰੱਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਨੇ ਦਾਅਵਾ ਕੀਤਾ ਕਿ ਅਮਰੀਕਾ ਨੇ ਈਰਾਨ ਦੀ ਜਲ ਸੈਨਾ, ਹਵਾਈ ਸੈਨਾ ਅਤੇ ਐਂਟੀ-ਏਅਰਕਰਾਫਟ ਪ੍ਰਣਾਲੀ ਨੂੰ ਹਰਾ ਦਿੱਤਾ ਹੈ, ਅਤੇ ਉਸ ਦੀਆਂ ਮਿਜ਼ਾਈਲਾਂ ਘਟ ਕੇ ਸਿਰਫ 12-13 ਫੀਸਦੀ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਮਦਦ ਦੀ ਲੋੜ ਨਹੀਂ ਹੈ ਅਤੇ ਹੁਣ ਈਰਾਨ ਸਮਝੌਤਾ ਕਰਨਾ ਚਾਹੁੰਦਾ ਹੈ। ਟਰੰਪ ਨੇ ਦਾਅਵਾ ਕੀਤਾ ਕਿ ਵਾਸ਼ਿੰਗਟਨ ਨੇ ਰਣਨੀਤਕ ਤੌਰ ’ਤੇ ਅਹਿਮ ਹੋਰਮੁਜ਼ ਜਲਡਮਰੂ ਮੱਧ ’ਤੇ ਪੂਰਾ ਕੰਟਰੋਲ ਕਰ ਲਿਆ ਹੈ, ਜਿੱਥੋਂ ਪਿਛਲੇ ਹਫਤੇ ਇਤਿਹਾਸ ਵਿੱਚ ਸਭ ਤੋਂ ਵੱਧ ਤੇਲ ਦੀ ਢੋਆ-ਢੁਆਈ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਤੋਂ ਅਗਲੇ ਦਿਨ ਹੀ ਆਲਮੀ ਪੱਧਰ ’ਤੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਹੇਠਾਂ ਡਿੱਗੀਆਂ ਹਨ। ਡੋਨਾਲਡ ਟਰੰਪ ਨੇ ਅਮਰੀਕੀਆਂ ਨੂੰ ਭਰੋਸਾ ਦਿੱਤਾ ਕਿ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਜੇਕਰ ਈਰਾਨ ਨੇ ਕੋਈ ਹਮਲਾ ਕੀਤਾ ਤਾਂ ਅਮਰੀਕਾ ਉਸ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗਾ।

