
ਮੋਗਾ/ਬਿਊਰੋ ਨਿਊਜ਼
ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧੇ ਦਾ ਹਵਾਲਾ ਦਿੰਦਿਆਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਪੁੱਛਿਆ ਹੈ ਕਿ ਐਕਟ, 2021 ਦੀ ਧਾਰਾ 14 ਤਹਿਤ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਦੱਸਣਯੋਗ ਹੈ ਕਿ ਇਸ ਨੋਟਿਸ ਵਿੱਚ ਕਮਿਸ਼ਨ ਨੇ ਕਿਹਾ ਕਿ 15 ਸਤੰਬਰ ਤੋਂ 16 ਨਵੰਬਰ ਦਰਮਿਆਨ ਮੋਗਾ ਵਿੱਚ ਅੱਗ ਲੱਗਣ ਦੀਆਂ 346 ਘਟਨਾਵਾਂ ਸਾਹਮਣੇ ਆਈਆਂ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਗਿਣਤੀ 327 ਸੀ। ਕਮਿਸ਼ਨ ਨੇ ਸੂਬਾ ਸਰਕਾਰ ਦੀ 16 ਨਵੰਬਰ ਦੀ ਕਾਰਵਾਈ ਰਿਪੋਰਟ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਅੱਗ ਲੱਗਣ ਦੀਆਂ ਲਗਾਤਾਰ ਘਟਨਾਵਾਂ ਦੇ ਬਾਵਜੂਦ ਧਾਰਾ 14 ਤਹਿਤ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ। ਕਮਿਸ਼ਨ ਨੇ ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਪੰਜਾਬ ਦੇ ਅਧਿਕਾਰੀਆਂ ਨਾਲ ਅਤੇ 13 ਨਵੰਬਰ ਨੂੰ ਮੋਗਾ ਦੇ ਡੀ.ਸੀ. ਨਾਲ ਸਥਿਤੀ ਦੀ ਸਮੀਖਿਆ ਕੀਤੀ ਸੀ।

