12.4 C
Toronto
Friday, November 20, 2026
spot_img
Homeਨਜ਼ਰੀਆਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ

ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ ‘ਸਮਰਸਤਾ ਸੰਕਲਪ ਯਾਤਰਾ’ ਦੀ ਕੀਤੀ ਸ਼ੁਰੂਆਤ

ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਰਾਏਪੁਰ-ਰਸੂਲਪੁਰ ਵਿਖੇ ਰੱਖੇ ਗਏ ਸਮਾਗਮ ਦੌਰਾਨ ਇਸ ਯਾਤਰਾ ਨੂੰ ਨਿਤਿਨ ਨਬੀਨ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਨਿਤਿਨ ਨਬੀਨ ਨੇ ਕਿਹਾ ਕਿ ਇਸ ਯਾਤਰਾ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨਾਲ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦਿਨ ਮੇਰੇ ਲਈ ਖਾਸ ਹੈ ਕਿ ਇਹ ਯਾਤਰਾ ਗੁਰੂ ਜੀ ਦੀ ਨਗਰੀ ਜਲੰਧਰ ਤੋਂ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿਚ ਨਮਨ ਕਰਦਾ ਹਾਂ। ਨਿਤਿਨ ਨਬੀਨ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਦੀ ਪ੍ਰੇਰਣਾ ਸਦਕਾ ਇਹ ‘ਸਮਰਸਤਾ ਸੰਕਲਪ ਯਾਤਰਾ’ ਸ਼ੁਰੂ ਹੋਈ ਹੈ, ਜੋ ਵੱਖ-ਵੱਖ ਸੂਬਿਆਂ ਵਿਚੋਂ ਹੋ ਕੇ ਲੰਘੇਗੀ। ਉਨ੍ਹਾਂ ਦੱਸਿਆ ਕਿ 2402 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ ਇਹ ਯਾਤਰਾ 3 ਦਸੰਬਰ ਨੂੰ ਵਾਰਾਣਸੀ ਪਹੁੰਚੇਗੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਇਸ ਯਾਤਰਾ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਅਤੇ ‘ਸਮਾਜਿਕ ਸਮਾਨਤਾ’ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਯਾਤਰਾ ਪੰਜਾਬ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ ਅਤੇ ਉਤਰ ਪ੍ਰਦੇਸ਼ ਵਿਚ ਵੀ ਜਾਵੇਗੀ। ਯਾਤਰਾ ਨੂੰ ਝੰਡੀ ਦਿਖਾਉਣ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ, ਸਤੀਸ਼ ਪੂਨੀਆ, ਤਰੁਨ ਚੁੱਘ, ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਵੀ ਮੌਜੂਦ ਸਨ।
ਭਾਜਪਾ ਪ੍ਰਧਾਨ ਨੇ ਕਿਹਾ, ”ਆਮ ਆਦਮੀ ਪਾਰਟੀ ਸਿਰਫ਼ ਆਪਣੇ ਸਿਆਸੀ ਟੀਚਿਆਂ ਲਈ ਨਸ਼ਾ ਵਿਰੋਧੀ ਮੁਹਿੰਮਾਂ ਚਲਾ ਰਹੀ ਹੈ।” ਸੂਬੇ ਵਿੱਚ ਕਾਨੂੰਨ ਵਿਵਸਥਾ ਬਾਰੇ ਭਾਜਪਾ ਪ੍ਰਧਾਨ ਨੇ ਕਿਹਾ, ”ਅਸੀਂ ਦੇਖਿਆ ਹੈ ਕਿ ਕਿਵੇਂ ਪੁਲਿਸ ਥਾਣਿਆਂ ‘ਤੇ ਹਮਲੇ ਹੋਏ ਹਨ, ਜਿਹੜੇ ਲੋਕ ਦੂਜਿਆਂ ਦੀ ਰਾਖੀ ਕਰਨ ਲਈ ਹਨ, ਉਹ ਖੁਦ ਸੁਰੱਖਿਅਤ ਨਹੀਂ ਹਨ।” ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਨੌਜਵਾਨੀ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੀ ਹੈ, ਜਿਸ ਕਾਰਨ ਨੌਜਵਾਨਾਂ ਨੂੰ ਮਜਬੂਰੀਵੱਸ ਪਰਵਾਸ ਕਰਨਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਕਿਹੜੇ ਨੌਜਵਾਨ ਹਨ, ਜਿਨ੍ਹਾਂ ਨੂੰ ਸਰਕਾਰ ਕਰੋੜਪਤੀ ਬਣਾਉਣਾ ਚਾਹੁੰਦੀ ਹੈ? ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਵਰ੍ਹਦਿਆਂ ਕਿਹਾ ਕਿ ਉਹ ਦੇਸ਼ ਵਿੱਚ ਸਿਰਫ਼ ਬਦਅਮਨੀ ਫੈਲਾਉਣਾ ਚਾਹੁੰਦੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ‘ਵਿਕਸਿਤ ਭਾਰਤ’ ਤੋਂ ਪਹਿਲਾਂ ‘ਵਿਕਸਿਤ ਪੰਜਾਬ’ ਦਾ ਹੋਣਾ ਬੇਹੱਦ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਲੋਕਾਂ ਕੋਲੋਂ ਭਰਪੂਰ ਸਹਿਯੋਗ ਦੀ ਅਪੀਲ ਕੀਤੀ।

RELATED ARTICLES

CLEAN WHEELS

CLEAN WHEELS

BREAST CANCER

POPULAR POSTS

CLEAN WHEELS