
ਪੰਜ ਸਾਲ ਲਈ ਚੁਣੇ ਜਾਣਗੇ ਕੌਂਸਲਰ; ਸਿਆਸੀ ਪਾਰਟੀਆਂ ਨੇ ਚੋਣਾਂ ਲਈ ਖਿੱਚੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨਰ ਵਿਜੈ ਦੇਵ ਨੇ ਦੱਸਿਆ ਕਿ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਦੱਸਣਯੋਗ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਇਨ੍ਹਾਂ ਚੋਣਾਂ ਵਿੱਚ 4,60,262 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਇਸਦੇ ਲਈ ਚੰਡੀਗੜ੍ਹ ਦੇ 35 ਵਾਰਡਾਂ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣ ਕਮਿਸ਼ਨਰ ਅਨੁਸਾਰ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖ਼ਰਚ ਦੀ ਵੱਧ ਤੋਂ ਵੱਧ ਹੱਦ 7 ਲੱਖ 5 ਹਜ਼ਾਰ ਰੁਪਏ ਤੈਅ ਕੀਤੀ ਗਈ ਹੈ। ਇਸ ਐਲਾਨ ਨਾਲ ਹੀ ਸ਼ਹਿਰ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ।

