
ਅੰਮਿ੍ਰਤਸਰ/ਬਿਊਰੋ ਨਿਊਜ਼
ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 24 ਨਵੰਬਰ, 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਸਿੱਖ ਭਾਈਚਾਰੇ ਲਈ ਕਰਤਾਰਪੁਰ ਸਾਹਿਬ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਹੈ ਅਤੇ ਸ਼ਰਧਾਲੂਆਂ ਵੱਲੋਂ ਸਰਹੱਦ ਪਾਰ ਸਥਿਤ ਇਸ ਇਤਿਹਾਸਕ ਅਸਥਾਨ ਦੇ ਦਰਸ਼ਨ ਨਾ ਕਰ ਸਕਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦੇ ਮੌਕੇ ਤੋਂ ਵਾਂਝੇ ਰਹਿਣ ਕਾਰਨ ਸਿੱਖ ਭਾਈਚਾਰੇ ਵਿੱਚ ਡੂੰਘਾ ਰੋਸ ਪਾਇਆ ਜਾ ਰਿਹਾ ਹੈ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਅਸੀਂ ਤੁਹਾਨੂੰ ਇਹ ਪੱਤਰ ਸਿਰਫ ਕੋਈ ਧਾਰਮਿਕ ਮੰਗ ਰੱਖਣ ਲਈ ਨਹੀਂ ਲਿਖ ਰਹੇ, ਸਗੋਂ ਸਮੁੱਚੇ ਸਿੱਖ ਭਾਈਚਾਰੇ ਦੀ ਪੀੜ, ਸ਼ਰਧਾ ਅਤੇ ਅਰਦਾਸ ਨੂੰ ਤੁਹਾਡੇ ਤੱਕ ਪਹੁੰਚਾਉਣ ਲਈ ਲਿਖ ਰਹੇ ਹਾਂ, ਜੋ ਕਿ ਹਰ ਸਿੱਖ ਦੇ ਹਿਰਦੇ ਵਿੱਚ ਵਸਦੀ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਦੀ ਤਾਂਘ ਹੈ।

