
2021 ਵਿਚ ਪਹਿਲੀ ਵਾਰ ਐਸਜੀਪੀਸੀ ਦੇ ਪ੍ਰਧਾਨ ਬਣੇ ਸਨ ਧਾਮੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਜਨਰਲ ਇਜਲਾਸ ਵਿੱਚ ਮੁੜ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਅੰਮਿ੍ਰਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਦੌਰਾਨ ਸਿੱਖ ਸੰਸਥਾ ਦੇ ਪ੍ਰਧਾਨ ਦੇ ਅਹੁਦੇਦਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੇ ਵਿਰੋਧ ਵਿੱਚ ਕਿਸੇ ਹੋਰ ਉਮੀਦਵਾਰ ਦਾ ਨਾਂ ਪੇਸ਼ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਿੱਖ ਸੰਸਥਾ ਦਾ 6ਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। ਹਰਜਿੰਦਰ ਸਿੰਘ ਧਾਮੀ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਸਨ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ। ਜਨਰਲ ਇਜਲਾਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਅਲਵਿੰਦਰ ਪਾਲ ਸਿੰਘ ਪੱਖੋਕੇ ਤੇ ਹੋਰ ਮੈਂਬਰ ਹਾਜ਼ਰ ਹਨ।

