
ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਪੰਜਾਬ ਨੇ 2027 ਵਿਧਾਨ ਸਭਾ ਚੋਣਾਂ ਲਈ ਆਪਣੇ ਸੰਕਲਪ ਪੱਤਰ ਦੀ ਤਿਆਰੀ ਦੇ ਸੰਦਰਭ ਵਿੱਚ ਇੱਕ ਵਿਆਪਕ ਸੁਝਾਅ ਮੁਹਿੰਮ ਜਾ ਅਗਾਜ਼ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾਕਟਰ ਸਤੀਸ਼ ਪੂਨੀਆ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਤੇ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਤਿੰਨ ਫੋਨ ਨੰਬਰ ਤੇ ਇੱਕ ਕਿਊਆਰ ਕੋਡ ਜਾਰੀ ਕਰ ਕੇ ਇਸ ਸੁਝਾਅ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਵਾਈ।
ਪਾਰਟੀ ਦੇ ਸੂਬਾਈ ਦਫ਼ਤਰ ਪੰਜਾਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਕਰਜ਼ ਦੇ ਸੰਕਟ ਵਿੱਚੋਂ ਕੱਢਣ ਦਾ ਇੱਕੋ-ਇੱਕ ਹੱਲ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਨ ਸਰਕਾਰ ਹੈ, ਜਦੋਂ ਕੇਂਦਰ ਤੇ ਸੂਬਾ ਸਰਕਾਰ ਇੱਕ ਸੋਚ ਨਾਲ ਕੰਮ ਕਰਨਗੇ ਤਾਂ ਸੂਬਾ ਦਿਨ-ਦੁੱਗਣੀ-ਰਾਤ ਚੌਗਣੀ ਤਰੱਕੀ ਨਾਲ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਇਸੇ ਸੋਚ ਨਾਲ ਅੱਜ ਪੰਜਾਬ ਭਾਜਪਾ ਵੱਲੋਂ ਹੈਲਪਲਾਈਨ ਨੰਬਰ ਅਤੇ ਵੈੱਬਸਾਈਟ ਦਾ ਕਿਊਆਰ ਕੋਡ ਜਾਰੀ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਦਾ ਹਰ ਨਾਗਰਿਕ ਸਿੱਧਾ ਪਾਰਟੀ ਨਾਲ ਜੁੜ ਕੇ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕਰ ਸਕੇ। ਭਾਜਪਾ ਪੰਜਾਬ ਨਸ਼ਾ ਮੁਕਤੀ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇਗੀ। ਸਾਡਾ ਇੱਕੋ ਏਜੰਡਾ ਪੰਜਾਬ ਦਾ ਵਿਕਾਸ, ਪੰਜਾਬ ਨੂੰ ਨਸ਼ਾ ਮੁਕਤ ਕਰਨਾ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਅਤੇ ਪੰਜਾਬ ਦੀ ਖੁਸ਼ਹਾਲੀ ਹੈ।
ਇਸ ਮੌਕੇ ਮੈਨੀਫੈਸਟੋ ਕਮੇਟੀ ਮੈਂਬਰ ਤੇ ਕੌਮੀ ਉੱਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਐਡਵੋਕੇਟ ਐੱਚਐੱਸ ਫੂਲਕਾ, ਰਾਜ ਸਭਾ ਮੈਂਬਰ ਰਜਿੰਦਰ ਗੁਪਤਾ, ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਪਰਮਪਾਲ ਕੌਰ ਅਤੇ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ ਵੀ ਹਾਜ਼ਰ ਸਨ।
ਸੁਝਾਵਾਂ ਲਈ 3 ਫੋਨ ਨੰਬਰ ਤੇ ਕਿਉਂਆਰ ਕੋਡ ਜਾਰੀ
ਵਿਜ਼ਨ ਡਾਕੂਮੈਂਟ ਪੰਜਾਬ ਦੇ ਸੁਝਾਵਾਂ ਦਾ ਪ੍ਰਤੀਕ ਹੋਵੇਗਾ : ਅਵਿਨਸ਼ ਖੰਨਾ
ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਭਾਜਪਾ ਦਾ ਵਿਜ਼ਨ ਡਾਕੂਮੈਂਟ ਪੰਜਾਬ ਦੇ ਲੋਕਾਂ ਦੀਆਂ ਆਸਾਂ, ਉਮੀਦਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ। ਇਹ ਸਿਰਫ਼ ਚੋਣਾਂ ਤੱਕ ਸੀਮਤ ਦਸਤਾਵੇਜ਼ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਵਾਅਦਾ ਹੋਵੇਗਾ, ਜਿਸ ਨੂੰ ਪੂਰਾ ਕਰਨ ਲਈ ਪਾਰਟੀ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।
ਉਨ੍ਹਾਂ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਕਮੇਟੀ ਸਾਰੇ ਸੁਝਾਵਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਵਿਜ਼ਨ ਡਾਕੂਮੈਂਟ ਵਿੱਚ ਸ਼ਾਮਲ ਕਰੇਗੀ। ਇਸ ਲਈ ਸੁਝਾਅ ਬਾਕਸ, ਫ਼ੋਨ ਅਤੇ ਮੈਸੇਜ ਰਾਹੀਂ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਭਾਜਪਾ ਦੀਆਂ ਵੈਨਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਦੇ ਸੁਝਾਅ ਇਕੱਠੇ ਕਰਨਗੀਆਂ।
ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਤੱਕ ਵਿਜ਼ਨ ਡਾਕੂਮੈਂਟ ਜਾਰੀ ਕਰਨ ਦਾ ਯਤਨ ਹੈ, ਜਿਸ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਨਾਲ ਪੰਜਾਬ ਦੇ ਵਿਕਾਸ ਦਾ ਰੋਡਮੈਪ ਵੀ ਹੋਵੇਗਾ। ਸਾਡਾ ਉਦੇਸ਼ ਲੋਕਾਂ ਦਾ ਮੈਨੀਫੈਸਟੋ ਤਿਆਰ ਕਰਨਾ ਹੈ, ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਨੰਬਰ ਇੱਕ ਸੂਬਾ ਬਣਾਇਆ ਜਾ ਸਕੇ।

