
1 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਹੇਰਾਫੇਰੀ ਦਾ ਲੱਗ ਰਿਹਾ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ ਚੱਲ ਰਹੀ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿਚ ਧਰਮਕੋਟ ਤੋਂ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਸਰਕਾਰ ਦੇ ਕਈ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਣ ਜਾਰੀ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਜਾਂਚ ਏਜੰਸੀ ਨੇ ਧਰਮਕੋਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਲਾਡੀ ਢੋਸ ਨੂੰ ਆਉਂਦੀ 27 ਨਵੰਬਰ ਨੂੰ ਚੰਡੀਗੜ੍ਹ ਜ਼ੋਨਲ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਤਰ੍ਹਾਂ ਵਿਧਾਇਕਾ ਅਮਨਦੀਪ ਅਰੋੜਾ ਨੂੰ 26 ਨਵੰਬਰ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਨੂੰ 25 ਨਵੰਬਰ ਨੂੰ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਗਿਆ ਹੈ। ਇਸੇ ਦੌਰਾਨ ਈਡੀ ਨੇ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਨੂੰ 27 ਨਵੰਬਰ, ਭਰਾ ਬਲਜਿੰਦਰ ਸਿੰਘ ਨੂੰ 30 ਨਵੰਬਰ ਅਤੇ ਮਾਮਾ ਹਰਪਿੰਦਰ ਸਿੰਘ ਨੂੰ 2 ਦਸੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਈਡੀ ਦਾ ਇਹ ਕੇਸ ਮੋਗਾ ਪੁਲਿਸ ਵਲੋਂ ਥਾਣਾ ਧਰਮਕੋਟ ਵਿਖੇ ਦਰਜ ਕੀਤੀ ਗਈ ਇਕ ਐਫ.ਆਈ.ਆਰ. ’ਤੇ ਅਧਾਰਿਤ ਹੈ, ਜਿਸ ਵਿਚ ਪਿੰਡ ਅਧਰਮਾਨ ਦੀ ਸਰਕਾਰੀ ਜ਼ਮੀਨ ਦੇ ਮਾਲ ਰਿਕਾਰਡ ਵਿਚ ਕਥਿਤ ਛੇੜਛਾੜ ਕਰਕੇ 1 ਕਰੋੜ ਰੁਪਏ ਤੋਂ ਵੱਧ ਦਾ ਗਲਤ ਮੁਆਵਜ਼ਾ ਵੰਡਣ ਦੇ ਇਲਜ਼ਾਮ ਲਾਏ ਗਏ ਹਨ।

