
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਿਆਸੀ ਪਾਰਟੀਆਂ ’ਤੇ ਚੁੱਕੇ ਸਵਾਲ
ਲੁਧਿਆਣਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਚੋਣ ਗਠਜੋੜ ਨੂੰ ਲੈ ਕੇ ਕਿਸਾਨ ਆਗੂਆਂ ਨੇ ਤਿੱਖੇ ਸਵਾਲ ਚੁੱਕੇ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵੱਖ-ਵੱਖ ਵਿਚਾਰਧਾਰਾਵਾਂ ਵਾਲੀਆਂ ਸਿਆਸੀ ਪਾਰਟੀਆਂ ਚੋਣ ਗਠਜੋੜ ਕਰ ਰਹੀਆਂ ਹਨ, ਜੋ ਸੂਬੇ ਦੀ ਫਿਰਕੂ ਸਦਭਾਵਨਾ ਲਈ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਦਾ ਇੱਕੋ ਇਕ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ। ਉਨ੍ਹਾਂ ਇਸ ਗਠਜੋੜ ਨੂੰ ਬੇਹੱਦ ਖਤਰਨਾਕ ਕਰਾਰ ਦਿੰਦਿਆਂ ਕਿਹਾ ਕਿ ਇਹ ਗਠਜੋੜ ਪੰਜਾਬ ਲਈ ਮਾੜਾ ਸਾਬਤ ਹੋਵੇਗਾ। ਕਿਸਾਨ ਆਗੂ ਰਘਬੀਰ ਸਿੰਘ ਬੈਨੀਵਾਲ ਦਾ ਕਹਿਣਾ ਸੀ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ। ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਇਸ ਗਠਜੋੜ ਦੇ ਹੱਕ ਵਿਚ ਹਨ। ਇਸਦੇ ਚੱਲਦਿਆਂ ਇਸ ਗਠਜੋੜ ਨੂੰ ਲੈ ਕੇ ਵੱਖਰੇ-ਵੱਖਰੇ ਪ੍ਰਤੀਕਰਮ ਦੇਖਣ ਅਤੇ ਸੁਨਣ ਨੂੰ ਮਿਲ ਰਹੇ ਹਨ।

