-0.8 C
Toronto
Tuesday, November 24, 2026
spot_img
HomeਕੈਨੇਡਾFrontਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’...

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਏ ਪ੍ਰਧਾਨ ਮੰਤਰੀ
ਚੰਡੀਗੜ੍ਹ, 24 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਨਵੀਂ ਦਿੱਲੀ ਵਿਖੇ ਪਵਿੱਤਰ ਸ਼ਬਦ ਕੀਰਤਨ ਵਿੱਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਅਮਰ ਸਿੱਖਿਆਵਾਂ ‘ਸਰਬੱਤ ਦਾ ਭਲਾ’ ਦੀ ਭਾਵਨਾ ਰਾਹੀਂ ਆਲਮੀ ਸ਼ਾਂਤੀ ਕਾਇਮ ਕਰਨ ਅਤੇ ਇੱਕ ‘ਵਿਕਸਤ ਭਾਰਤ’ ਦੇ ਨਿਰਮਾਣ ਲਈ ਮਾਰਗ-ਦਰਸ਼ਕ ਚਾਨਣ ਮੁਨਾਰੇ ਵਜੋਂ ਕੰਮ ਕਰਦੀਆਂ ਹਨ। ਪੂਜਨੀਕ ਸਿੱਖ ਸੰਤਾਂ-ਮਹਾਂਪੁਰਸ਼ਾਂ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਹਾਜ਼ਰੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਜ਼ਿਕਰ ਕੀਤਾ ਕਿ ਗੁਰਬਾਣੀ ਅਤੇ ਕੀਰਤਨ ਦਾ ਹਰ ਸ਼ਬਦ ਅਧਿਆਤਮਕ ਸਾਧਨਾ ਦਾ ਰੂਪ ਹੈ। ਪ੍ਰਧਾਨ ਮੰਤਰੀ ਨੇ ਸਿੱਖ ਪਰੰਪਰਾਵਾਂ ਨਾਲ ਆਪਣੇ ਗੂੜ੍ਹੇ ਨਿੱਜੀ ਸਬੰਧਾਂ, ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ, ਲੰਗਰ ਛਕਣ ਅਤੇ ਪੰਜਾਬ ਵਿੱਚ ਕੰਮ ਕਰਨ ਦੌਰਾਨ ਬਿਤਾਏ ਯਾਦਗਾਰੀ ਵਰ੍ਹਿਆਂ ਨੂੰ ਸ਼ਰਧਾ ਸਹਿਤ ਚੇਤੇ ਕੀਤਾ।

ਸਿੱਖ ਵਿਰਾਸਤ ਅਤੇ ਲਾਸਾਨੀ ਸ਼ਹਾਦਤਾਂ ਨੂੰ ਨਮਨ-
ਇਸ ਵਰ੍ਹੇ ਦੇ ਪ੍ਰਕਾਸ਼ ਪੁਰਬ ਦਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸੁਮੇਲ ਹੋਣ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਧਰਮ, ਪਛਾਣ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਦਿੱਲੀ ਦੀ ਧਰਤੀ ’ਤੇ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਗੁਰਦੁਆਰਾ ਸੁਧਾਰ ਲਹਿਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਨੂੰ ਵੀ ਉਨ੍ਹਾਂ ਦੀ ਸ਼ਹਾਦਤ ਦੀ ਸ਼ਤਾਬਦੀ ਮੌਕੇ ਨਮਨ ਕੀਤਾ।

ਪਿਛਲੇ 12 ਸਾਲਾਂ ਦੌਰਾਨ ਦੁਨੀਆ ਭਰ ਵਿੱਚ ਸਿੱਖ ਵਿਰਾਸਤ ਦੇ ਮਾਣ-ਸਤਿਕਾਰ ਨੂੰ ਵਧਾਉਣ ਲਈ ਕੇਂਦਰ ਸਰਕਾਰ ਦੇ ਨਿਰੰਤਰ ਯਤਨਾਂ ਦਾ ਵੇਰਵਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਗਿਣਾਇਆ:
ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਲਾਲ ਕਿਲ੍ਹੇ ਤੋਂ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣਾ, ਅਤੇ ਹੁਣ ਚੱਲ ਰਹੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਗਮ।
ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਬਹਾਦਰੀ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਲਈ ਦੇਸ਼ ਭਰ ਵਿੱਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣਾ।
ਫਿਲੀਪੀਨਜ਼ ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਦੇ ਪੁਨਰ-ਨਿਰਮਾਣ ਵਿੱਚ ਸਹਿਯੋਗ, ਜਿੱਥੇ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਸੀ।

ਨਸ਼ਾ-ਮੁਕਤ ਨੌਜਵਾਨੀ ਅਤੇ ‘ਸਰਬੱਤ ਦਾ ਭਲਾ’ ਦਾ ਸੱਦਾ-
ਦੁਨੀਆ ਭਰ ਵਿੱਚ ਚੱਲ ਰਹੇ ਮੌਜੂਦਾ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪਾਵਨ ਸੰਦੇਸ਼ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਅੱਜ ਵਿਸ਼ਵ ਭਰ ਦੇ ਹਰ ਪਰਿਵਾਰ ਲਈ ਅਮਨ, ਸੁਰੱਖਿਆ ਅਤੇ ਸਵੈ-ਮਾਣ ਯਕੀਨੀ ਬਣਾਉਣ ਲਈ ਪਹਿਲਾਂ ਨਾਲੋਂ ਕਿਤੇ ਵੱਧ ਜ਼ਰੂਰੀ ਹੈ।

ਦੇਸ਼ ਅੰਦਰ ਸਮਾਜਿਕ ਚੁਣੌਤੀਆਂ ’ਤੇ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਪੁਰਜ਼ੋਰ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਜਦੋਂ ਕੋਈ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਦਾ ਹੈ ਤਾਂ ਉਸ ਦੇ ਨਾਲ ਹੀ ਪੂਰੇ ਪਰਿਵਾਰ ਦੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ। ਸਾਡੀ ਸੰਗਤ, ਗੁਰਦੁਆਰਾ ਸਾਹਿਬਾਨ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਨੌਜਵਾਨਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਹੀ ਰਸਤਾ ਚੁਣਨ ਦਾ ਹੌਸਲਾ ਦੇਣਾ ਚਾਹੀਦਾ ਹੈ, ਤਾਂ ਜੋ ਹਰ ਨੌਜਵਾਨ ਨਸ਼ਿਆਂ ਤੋਂ ਮੁਕਤ ਰਹਿ ਕੇ ਪਰਿਵਾਰ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕੇ।”

RELATED ARTICLES
POPULAR POSTS