
ਜੇਮੀਸਨ ਗ੍ਰੀਰ ਵਲੋਂ ਜਲਦ ਕੀਤਾ ਜਾ ਸਕਦਾ ਹੈ ਐਲਾਨ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਭਾਰਤ ਅਤੇ ਚੀਨ ਸਮੇਤ ਕਈ ਹੋਰ ਦੇਸ਼ਾਂ ’ਤੇ ਦਰਾਮਦ ਟੈਰਿਫ ਵਧਾਉਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕੀ ਮੀਡੀਆ ਦੀ ਇੱਕ ਰਿਪੋਰਟ ਅਨੁਸਾਰ, ਵਿਦੇਸ਼ੀ ਉਦਯੋਗਿਕ ਸਬਸਿਡੀਆਂ ਅਤੇ ਵਾਧੂ ਉਤਪਾਦਨ ਸਮਰੱਥਾ ਸਬੰਧੀ ਚੱਲ ਰਹੀ ਜਾਂਚ ਦੇ ਨਤੀਜਿਆਂ ਦਾ ਐਲਾਨ ਅਮਰੀਕੀ ਵਪਾਰ ਪ੍ਰਤੀਨਿਧੀ ਜੇਮੀਸਨ ਗ੍ਰੀਰ ਵੱਲੋਂ ਜਲਦ ਕੀਤਾ ਜਾ ਸਕਦਾ ਹੈ। ਰਿਪੋਰਟ ਮੁਤਾਬਕ, ਚੀਨ ’ਤੇ ਸਭ ਤੋਂ ਵੱਧ ਟੈਰਿਫ ਲਗਾਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੀਤੇ ਮਾਰਚ ਮਹੀਨੇ ਵਿੱਚ ਯੂ.ਐੱਸ.ਟੀ.ਆਰ. ਨੇ 16 ਅਰਥਵਿਵਸਥਾਵਾਂ ਵਿਰੁੱਧ ਇਸ ਖਦਸ਼ੇ ਤਹਿਤ ਜਾਂਚ ਸ਼ੁਰੂ ਕੀਤੀ ਸੀ। ਇਨ੍ਹਾਂ ਦੇਸ਼ਾਂ ਵੱਲੋਂ ਦਿੱਤੀਆਂ ਜਾਂਦੀਆਂ ਸਰਕਾਰੀ ਸਬਸਿਡੀਆਂ ਵਿਦੇਸ਼ੀ ਨਿਰਮਾਤਾਵਾਂ ਨੂੰ ਅਮਰੀਕੀ ਕੰਪਨੀਆਂ ਦੇ ਮੁਕਾਬਲੇ ਅਣਉਚਿਤ ਲਾਭ ਪਹੁੰਚਾਉਂਦੀਆਂ ਹਨ। ਇਸ ਜਾਂਚ ਦੇ ਘੇਰੇ ਵਿੱਚ ਭਾਰਤ, ਚੀਨ, ਯੂਰਪੀ ਸੰਘ, ਜਾਪਾਨ, ਦੱਖਣੀ ਕੋਰੀਆ ਅਤੇ ਮੈਕਸੀਕੋ ਤੋਂ ਇਲਾਵਾ ਤਾਈਵਾਨ, ਵੀਅਤਨਾਮ, ਥਾਈਲੈਂਡ, ਮਲੇਸ਼ੀਆ, ਕੰਬੋਡੀਆ, ਸਿੰਗਾਪੁਰ, ਇੰਡੋਨੇਸ਼ੀਆ, ਬੰਗਲਾਦੇਸ਼, ਸਵਿਟਜ਼ਰਲੈਂਡ ਅਤੇ ਨਾਰਵੇ ਵਰਗੇ ਭਾਈਵਾਲ ਦੇਸ਼ ਵੀ ਸ਼ਾਮਲ ਹਨ।

