
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਾਲੇ ਹੋਏ ਚੋਣ ਗਠਜੋੜ ਨੂੰ ਖਤਰਨਾਕ ਦੱਸਿਆ ਹੈ। ਇਸੇ ਦੌਰਾਨ ਕਾਂਗਰਸ ਨੇ ਵੀ ਚੋਣ ਗਠਜੋੜ ਲਈ ਆਪਣੇ ਬਦਲ ਖੁੱਲ੍ਹੇ ਰੱਖਦਿਆਂ ਕਿਹਾ ਕਿ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਵਿਚ ‘ਇੰਡੀਆ’ ਗਠਜੋੜ ਦੇ ਭਾਈਵਾਲਾਂ ਨਾਲ ਸਮਝੌਤਾ ਵੀ ਸ਼ਾਮਲ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿਚ ਸੀ.ਪੀ.ਆਈ. ਅਤੇ ਸੀ.ਪੀ.ਐਮ. ਨਾਲ ਸਮਝੌਤੇ ਦੀਆਂ ਸੰਭਾਵਨਾਵਾਂ ਤਲਾਸ਼ ਸਕਦੀ ਹੈ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਚੋਣਾਂ ਲੜੇਗੀ ਅਤੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਸੇ ਦੌਰਾਨ ਪਰਗਟ ਸਿੰਘ, ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਏ ਗਠਜੋੜ ਨੂੰ ‘ਸਿਆਸੀ ਮਜਬੂਰੀ’ ਦੱਸਿਆ ਹੈ। ਪਰਗਟ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਨੌਜਵਾਨ ਆਗੂਆਂ ਨੂੰ ਮੌਕੇ ਦੇਵੇਗੀ ਅਤੇ ਖਾਸ ਕਰਕੇ ਸਾਫ-ਸੁਥਰੇ ਅਕਸ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲਿਆਂ ਨੂੰ ਹੀ ਟਿਕਟਾਂ ਮਿਲਣਗੀਆਂ।

