
ਸਵਪਨ ਸ਼ਰਮਾ ਨੂੰ ਰੋਪੜ ਰੇਂਜ ਅਤੇ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਸੀ.ਪੀ. ਲਗਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਪੰਜਾਬ ਸਰਕਾਰ ਨੇ ਕਈ ਆਈ.ਪੀ.ਐੱਸ. ਅਧਿਕਾਰੀਆਂ ਸਮੇਤ 31 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ। ਇਸ ਫੇਰਬਦਲ ਨਾਲ ਅਹਿਮ ਜ਼ਿਲ੍ਹਿਆਂ ਅਤੇ ਰੇਂਜਾਂ ਦੀ ਪੁਲਿਸ ਲੀਡਰਸ਼ਿਪ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲੇ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਡੀ.ਆਈ.ਜੀ. ਰੋਪੜ ਰੇਂਜ ਤਬਦੀਲ ਕੀਤਾ ਗਿਆ ਹੈ, ਜਦੋਂ ਕਿ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਉਨ੍ਹਾਂ ਦੀ ਥਾਂ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਵਜੋਂ ਸੇਵਾਵਾਂ ਨਿਭਾ ਰਹੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਸਤਿੰਦਰ ਸਿੰਘ ਦੀ ਥਾਂ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੰਮਿ੍ਰਤਸਰ ਦੇ ਸਾਬਕਾ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮਿ੍ਰਤਸਰ ਲਾਇਆ ਗਿਆ ਹੈ। ਇਸੇ ਤਰ੍ਹਾਂ ਹੋਰ ਵੀ ਕਈ ਅਹਿਮ ਤਬਾਦਲੇ ਹੋਏ ਹਨ।

