ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਪੰਜਾਬ ਨਾਲ ਸਬੰਧਤ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਦੱਸੇ ਜਾ ਰਹੇ ਸ਼ਰਧਾਲੂਆਂ ਵਿੱਚ ਜਲੰਧਰ ਜ਼ਿਲ੍ਹੇ ਦੇ ਫਿਲੌਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਵਸਨੀਕ ਸ਼ਾਮਲ ਹਨ। ਇਸ ਘਟਨਾ ਨੇ ਪਾਕਿਸਤਾਨ ਵਿੱਚ ਜਥੇ ਦੀ ਸੁਰੱਖਿਆ ਅਤੇ ਪ੍ਰਬੰਧਾਂ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਹ ਤਿੰਨੇ ਸ਼ਰਧਾਲੂ 22 ਨਵੰਬਰ ਨੂੰ ਪਾਕਿਸਤਾਨ ਪਹੁੰਚੇ 2,339 ਮੈਂਬਰੀ ਜਥੇ ਦਾ ਹਿੱਸਾ ਸਨ। ਰਿਪੋਰਟ ਮੁਤਾਬਕ 23 ਅਤੇ 24 ਨਵੰਬਰ ਨੂੰ ਇਹ ਸਾਰੇ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਵਿੱਚ ਮੌਜੂਦ ਸਨ ਪਰ 25 ਨਵੰਬਰ ਦੀ ਸਵੇਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਤਿੰਨ ਵਿਅਕਤੀ ਆਪਣੇ ਟਿਕਾਣਿਆਂ ‘ਤੇ ਨਹੀਂ ਮਿਲੇ। ਇਸ ਤੋਂ ਬਾਅਦ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਗਈ। ਰਿਪੋਰਟ ਵਿੱਚ ਲਾਪਤਾ ਦੱਸੇ ਗਏ ਵਿਅਕਤੀਆਂ ਦੀ ਪਛਾਣ ਬਿੱਕਰ ਸਿੰਘ ਵਾਸੀ ਪਿੰਡ ਖੋਖੇਵਾਲ, ਫਿਲੌਰ; ਵਿਕਰਮਜੀਤ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਤਰਨਤਾਰਨ ਅਤੇ ਹਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਦੱਸੀ ਗਈ ਹੈ। ਹਾਲਾਂਕਿ ਇਨ੍ਹਾਂ ਨਾਵਾਂ ਅਤੇ ਪਤੇ ਦੀ ਅਧਿਕਾਰਤ ਪੁਸ਼ਟੀ ਅਜੇ ਸਾਹਮਣੇ ਨਹੀਂ ਆਈ।
2,339 ਸ਼ਰਧਾਲੂ ਗਏ ਸਨ ਪਾਕਿਸਤਾਨ
ਜਾਣਕਾਰੀ ਅਨੁਸਾਰ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ 2,339 ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਸਨ। ਇਨ੍ਹਾਂ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜੀ ਆਇਆਂ ਕਿਹਾ ਸੀ। ਜਥੇ ਦਾ ਮੁੱਖ ਸਮਾਗਮ 24 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਹੋਇਆ। ਇਸ ਤੋਂ ਬਾਅਦ ਸ਼ਰਧਾਲੂਆਂ ਨੇ ਗੁਰਦੁਆਰਾ ਸੱਚਾ ਸੌਦਾ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨੇ ਸਨ। ਜਥੇ ਦੀ ਵਾਪਸੀ ਪਹਿਲੀ ਦਸੰਬਰ ਨੂੰ ਵਾਹਗਾ ਸਰਹੱਦ ਰਾਹੀਂ ਹੋਣੀ ਤੈਅ ਹੈ।
ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਪੰਜਾਬ ਦੇ ਤਿੰਨ ਵਿਅਕਤੀ ਲਾਪਤਾ
RELATED ARTICLES

