ਵੱਡੀ ਗਿਣਤੀ ‘ਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲੰਘੇ ਮੰਗਲਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਭਰ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਲੌਅ ਵੀ ਸਜਾਏ ਗਏ। ਇਸੇ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਲੰਗਰ ਵੀ ਲਗਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਬਹੁਤ ਸਾਰੇ ਸਿਆਸੀ ਆਗੂਆਂ ਨੇ ਵਧਾਈਆਂ ਦਿੱਤੀਆਂ ਹਨ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਦੇਸ਼ ਵਾਸੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਮਾਜ ਤੇ ਦੇਸ਼ ਦੀ ਭਲਾਈ ਵਿਚ ਯੋਗਦਾਨ ਪਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤਾ ‘ਏਕ ਓਂਕਾਰ’ ਦਾ ਸੁਨੇਹਾ ਅਸਲ ਵਿਚ, ਸਮੁੱਚੀ ਮਨੁੱਖਤਾ ਦੀ ਏਕਤਾ ਲਈ ਹੈ।

