1.2 C
Toronto
Friday, November 27, 2026
spot_img
Homeਪੰਜਾਬਆਮ ਆਦਮੀ ਪਾਰਟੀ ਵਲੋਂ ਮੋਗਾ ਵਿਚ 'ਖੁਸ਼ਹਾਲ ਪੰਜਾਬ ਰੈਲੀ'

ਆਮ ਆਦਮੀ ਪਾਰਟੀ ਵਲੋਂ ਮੋਗਾ ਵਿਚ ‘ਖੁਸ਼ਹਾਲ ਪੰਜਾਬ ਰੈਲੀ’

ਆਮ ਆਦਮੀ ਪਾਰਟੀ ਵਲੋਂ ਮੋਗਾ ਵਿਚ ‘ਖੁਸ਼ਹਾਲ ਪੰਜਾਬ ਰੈਲੀ’ਪੰਜਾਬ ‘ਚ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੀ ਹੋਈ ਅਪੀਲ
ਮੋਗਾ/ਬਿਊਰੋ ਨਿਊਜ਼ : ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੋਗਾ ਵਿਚ ‘ਖੁਸ਼ਹਾਲ ਪੰਜਾਬ ਰੈਲੀ’ ਕੀਤੀ ਗਈ। ਇਹ ਰੈਲੀ ਆਮ ਆਦਮੀ ਪਾਰਟੀ ਦੇ 26 ਨਵੰਬਰ ਨੂੰ ਸਥਾਪਨਾ ਦਿਵਸ ਮੌਕੇ ਕੀਤੀ ਗਈ ਹੈ ਅਤੇ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਮੁੜ ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਾਓ। ਉਨ੍ਹਾਂ ਗਾਰੰਟੀ ਦਿੱਤੀ ਕਿ ਮਾਵਾਂ-ਧੀਆਂ ਯੋਜਨਾ, ਮੁਫਤ ਬਿਜਲੀ, ਸਿਹਤ ਬੀਮਾ ਅਤੇ ਤੀਰਥ ਯਾਤਰਾ ਸਣੇ ਕੋਈ ਵੀ ਲੋਕ ਭਲਾਈ ਸਕੀਮ ਬੰਦ ਨਹੀਂ ਹੋਣ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਪਿਛਲੀਆਂ ਸਰਕਾਰਾਂ ਨੇ ਖਜ਼ਾਨਾ ਖਾਲੀ ਕਰ ਦਿੱਤਾ ਸੀ ਅਤੇ ਸਰਕਾਰੀ ਪੈਸਾ ਆਪਣੇ ਪਰਿਵਾਰਾਂ ਲਈ ਖਰਚ ਕਰ ਲਿਆ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਰ ਮਹੀਨੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਇਕ-ਇਕ ਹਜ਼ਾਰ ਰੁਪਏ ਆਉਂਦੇ ਹਨ, ਜੋ ਤਿੰਨ ਮਹੀਨਿਆਂ ਬਾਅਦ ਇਕੱਠੇ ਦਿੱਤੇ ਜਾਂਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।
ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਬਿਆਨਾਂ ਅਤੇ ਮੌਜੂਦਾ ਗਠਜੋੜ ‘ਤੇ ਸਵਾਲ ਚੁੱਕੇ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਨੇ ਇਕ ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ, ਪਰ ਹੁਣ ਸਿਆਸੀ ਹਿੱਤਾਂ ਲਈ ਇਹ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਭਗਵੰਤ ਮਾਨ ਨੇ ਭਾਜਪਾ ‘ਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਦਾ ਹੱਲ ਕਰਵਾਉਣ ਦੀ ਬਜਾਏ ਸਿਆਸੀ ਪਾਰਟੀਆਂ ਕੁਰਸੀ ਦੀ ਲੜਾਈ ਵਿਚ ਲੱਗੀਆਂ ਹੋਈਆਂ ਹਨ।
ਇਸ ਰੈਲੀ ਨੂੰ ਮੰਤਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ ਅਤੇ ਹੋਰ ਕਈ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਰੈਲੀ ਵਿਚ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਕਰੀਬ 2600 ਤੋਂ ਵੱਧ ਸਰਕਾਰੀ ਬੱਸਾਂ ਲਗਾਉਣ ਨਾਲ ਬੱਸ ਅੱਡੇ ਸੁੰਨੇ ਅਤੇ ਸਰਕਾਰੀ ਦਫਤਰਾਂ ਵਿਚ ਵੀ ਸੁੰਨ ਪਸਰੀ ਦਿਖਾਈ ਦਿੱਤੀ। ਇਸਦੇ ਨਾਲ ਹੀ ਲੋਕ ਬੱਸ ਅੱਡਿਆਂ ‘ਤੇ ਖੱਜਲ ਖੁਆਰ ਹੁੰਦੇ ਦੇਖੇ ਗਏ। ਜਾਣਕਾਰੀ ਮੁਤਾਬਕ ਇੰਨੀ ਵੱਡੀ ਗਿਣਤੀ ਵਿਚ ਸਰਕਾਰੀ ਬੱਸਾਂ ਰੈਲੀ ਲਈ ਭੇਜਣ ਨਾਲ ਆਮ ਲੋਕਾਂ ਨੂੰ ਜਨਤਕ ਆਵਾਜਾਈ ਲਈ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਅਤੇ ਰੋਜ਼ਾਨਾ ਸਫਰ ਕਰਨ ਵਾਲੇ ਮੁਸਾਫਰ ਕਾਫੀ ਪ੍ਰੇਸ਼ਾਨ ਹੋਏ। ਰੈਲੀ ਤੋਂ ਪਹਿਲਾਂ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰ ਗਈ। ਦੱਸਿਆ ਗਿਆ ਕਿ ਰੈਲੀ ਸਥਾਨ ‘ਤੇ ਲੱਗੀ ਕੌਫੀ ਮਸ਼ੀਨ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਲੱਖ ਲਾਭਪਾਤਰੀਆਂ ਤੱਕ ਭੋਜਨ ਸੁਰੱਖਿਆ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਸਿਰਫ਼ ਅਸਲ ਲੋੜਵੰਦਾਂ ਨੂੰ ਹੀ ਪਾਰਦਰਸ਼ੀ, ਡਿਜੀਟਲ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਉਨ੍ਹਾਂ ਦੇ ਹੱਕ ਦਿੱਤੇ ਜਾ ਰਹੇ ਹਨ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ, ਮੁੱਖ ਮੰਤਰੀ ਨੇ ਸਟੇਜ ‘ਤੇ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਕਿੱਟਾਂ ਵੰਡੀਆਂ, ਜਿਨ੍ਹਾਂ ਵਿੱਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸੀ।
ਉਨ੍ਹਾਂ ਨੇ ਲਾਭਪਾਤਰੀਆਂ ਨੂੰ ਈ-ਕੇ.ਵਾਈ.ਸੀ. ਮੁਕੰਮਲ ਹੋਣ ਤੋਂ ਬਾਅਦ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇਣ ਦਾ ਭਰੋਸਾ ਵੀ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES
POPULAR POSTS