
30 ਨਵੰਬਰ ਨੂੰ ਲੋਕ ਸਭਾ ਅਤੇ 2 ਦਸੰਬਰ ਨੂੰ ਰਾਜ ਸਭਾ ਨੂੰ ਮੁੜ ਬੁਲਾਉਣ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ’ਚ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਹੈ ਕਿ ਸਰਕਾਰ ਨੇ ਜ਼ਰੂਰੀ ਸਰਕਾਰੀ ਕੰਮਕਾਜ ਨੂੰ ਨੇਪਰੇ ਚਾੜ੍ਹਨ ਲਈ ਕ੍ਰਮਵਾਰ 30 ਨਵੰਬਰ ਅਤੇ 2 ਦਸੰਬਰ ਨੂੰ ਲੋਕ ਸਭਾ ਅਤੇ ਰਾਜ ਸਭਾ ਨੂੰ ਮੁੜ ਬੁਲਾਉਣ ਦਾ ਫੈਸਲਾ ਕੀਤਾ ਹੈ। ਰਿਜੀਜੂ ਨੇ ਕਿਹਾ ਕਿ ਸਰਕਾਰ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਕ੍ਰਮਵਾਰ 30 ਨਵੰਬਰ ਅਤੇ 2 ਦਸੰਬਰ ਨੂੰ ਸਦਨਾਂ ਨੂੰ ਮੁੜ ਬੁਲਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਮੀਟਿੰਗਾਂ ਜ਼ਰੂਰੀ ਸਰਕਾਰੀ ਕੰਮਕਾਜ ਨੂੰ ਨੇਪਰੇ ਚਾੜ੍ਹਨ ਲਈ ਅਤੇ ਸੰਸਦ ਦੇ ਸਦਨਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬੁਲਾਈਆਂ ਗਈਆਂ ਹਨ। ਰਿਜੀਜੂ ਨੇ ਕਿਹਾ ਕਿ ਦੋਵਾਂ ਸਦਨਾਂ ਦੀਆਂ ਬੈਠਕਾਂ 3 ਦਸੰਬਰ ਨੂੰ ਸਮਾਪਤ ਹੋ ਸਕਦੀਆਂ ਹਨ। ਇਸ ਸਰਕਾਰੀ ਮਤੇ ਦੇ ਤਹਿਤ ਲੋਕ ਸਭਾ ਸੋਮਵਾਰ 30 ਨਵੰਬਰ ਨੂੰ ਅਤੇ ਰਾਜ ਸਭਾ ਬੁੱਧਵਾਰ 2 ਦਸੰਬਰ ਨੂੰ ਮੁੜ ਬੁਲਾਈ ਜਾਵੇਗੀ। ਜ਼ਿਕਰਯੋਗ ਹੈ ਕਿ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਦੋਵਾਂ ਸਦਨਾਂ ਦੀ ਕਾਰਵਾਈ 13 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ।

