ਪੰਜਾਬ ‘ਚ ਸ਼ਾਂਤੀ ਅਤੇ ਲੋਕਾਂ ਦੀ ਭਲਾਈ ਲਈ ਕੀਤੀ ਅਰਦਾਸ
ਐਸਜੀਪੀਸੀ ਨੇ ਸਿਰੋਪਾ ਭੇਟ ਕਰਕੇ ਕੀਤਾ ਸਨਮਾਨਿਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ‘ਚ ਸ਼ਾਂਤੀ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਅਸਥਾਨਾਂ ‘ਤੇ ਜਾਣਾ ਉਨ੍ਹਾਂ ਲਈ ਆਨੰਦਮਈ ਮੌਕਾ ਸੀ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਅਮਨ ਦਾ ਮੂਲ ਸਰੋਤ ਹੈ। ਮੁੱਖ ਮੰਤਰੀ ਸਵੇਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਪਵਿੱਤਰ ਅਸਥਾਨ ਦੀ ਪਰਕਰਮਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾ ਭੇਟ ਕਰਕੇ ਸਨਮਾਨਤ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਕੈਬਿਨਟ ਸਾਥੀ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਮੁੱਖ ਮੰਤਰੀ ਨਾਲ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਵੀਨ ਠੁਕਰਾਲ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਆਪਣੇ ਕੈਬਿਨਟ ਸਾਥੀਆਂ ਅਤੇ ਕਾਂਗਰਸ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਜਲ੍ਹਿਆਂਵਾਲੇ ਬਾਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਅਸਥਾਨ ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸੱਥਲ ਵਿਖੇ ਵੀ ਨਤਮਸਤਕ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …