ਕਿਹਾ, ਪਾਰਟੀ ਨੂੰ ਮਜ਼ਬੂਤ ਕਰਨ ਲਈ ਦੁਬਾਰਾ ਸਾਰੇ ਵਿੰਗ ਬਣਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਵਿੰਗ ਭੰਗ ਕਰ ਦਿੱਤੇ ਗਏ । ਚੰਡੀਗੜ੍ਹ ਵਿਖੇ ਪਾਰਟੀ ਦੇ ਸਾਰੇ ਵਿਧਾਇਕਾਂ, ਜ਼ਿਲ੍ਹਾ ਕੋਆਰਡੀਨੇਟਰਾਂ ਤੇ ਹੋਰ ਅਹੁਦੇਦਾਰਾਂ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਵੱਲੋਂ ਪਾਰਟੀ ਦਾ ਪੰਜਾਬ ਯੂਨਿਟ ਭੰਗ ਕਰਨ ਦਾ ਫੈਸਲਾ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪਾਰਟੀ ਨੂੰ ਮਜਬੂਤ ਕਰਨ ਲਈ ਦੁਬਾਰਾ ਤੋਂ ਸਾਰੇ ਵਿੰਗ ਬਣਾਉਣਗੇ ਤਾਂ ਜਿਸਦੀ ਜਿੰਮੇਵਾਰੀ ਉਪ ਪ੍ਰਧਾਨ ਅਮਨ ਅਰੋੜਾ ਨੂੰ ਸੌਂਪੀ ਗਈ ਹੈ। 18 ਮਈ ਤੋਂ ਅਮਨ ਅਰੋੜਾ ਪੰਜਾਬ ਦਾ ਦੌਰਾ ਕਰਨਗੇ ਅਤੇ ਹਰ ਜ਼ਿਲ੍ਹੇ ਵਿਚ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਨਵੀ ਜਥੇਬੰਦੀ ਦੀ ਰੂਪ ਰੇਖਾ ਉਲੀਕਣਗੇ, ਜਿਸ ਵਿੱਚ ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਵੀ ਸ਼ਾਮਿਲ ਰਹੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਜੋ ਕਮੀਆਂ ਰਹੀਆਂ ਉਹ ਪੂਰੀ ਤਰ੍ਹਾਂ ਦੂਰ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਗੁਰਦਾਸਪੁਰ ਜ਼ਿਮਨੀ ਚੋਣ ਤੇ ਨਗਰ ਨਿਗਮ ਚੋਣਾਂ ਜਰੂਰ ਲੜੇਗੀ ਅਤੇ ਜਿਸਦੀ ਤਿਆਰੀ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।

