ਸੰਗਰੂਰ ਦੀ ਇਕ ਫਰਮ ਦੇ ਹੋਏ ਵਾਰੇ-ਨਿਆਰੇ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਹੁਣ ‘ਰਿਕਸ਼ਾ ਰੇਹੜੀ’ ਘਪਲਾ ਸਾਹਮਣੇ ਆਇਆ ਹੈ, ਜਿਨ੍ਹਾਂ ਦੀ ਵੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਸੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤੀ ਪੜਤਾਲ ਵਿੱਚ ਇਸ ਘਪਲੇ ਦਾ ਪਰਦਾਫਾਸ਼ ਹੋਇਆ ਹੈ। ਭਲਾਈ ਵਿਭਾਗ ਵੱਲੋਂ ਦਲਿਤਾਂ ਨੂੰ ਮੁਫ਼ਤ ਰਿਕਸ਼ਾ ਰੇਹੜੀਆਂ ਦੇਣ ਵਾਸਤੇ ਕਰੋੜਾਂ ਰੁਪਏ ਦੇ ਫੰਡ ਪੰਚਾਇਤ ਵਿਭਾਗ ਨੂੰ ਜਾਰੀ ਕੀਤੇ ਗਏ ਸਨ, ਜਿਸ ਵਿੱਚ ਸੰਗਰੂਰ ਦੀ ਇੱਕ ਫਰਮ ਦੇ ਵਾਰੇ ਨਿਆਰੇ ਹੋ ਗਏ। ਪੰਚਾਇਤ ਵਿਭਾਗ ਦੇ ਡਿਪਟੀ ਡਾਇਰੈਕਟਰ (ਹੈੱਡਕੁਆਰਟਰ) ਨੇ ਰਿਕਸ਼ਾ ਰੇਹੜੀ ਘਪਲੇ ਦੀ ਪੜਤਾਲ ਰਿਪੋਰਟ ਡਾਇਰੈਕਟਰ ਨੂੰ ਦੇ ਦਿੱਤੀ ਹੈ, ਜਿਸ ‘ਤੇ ਕਾਰਵਾਈ ਹੋਣੀ ਬਾਕੀ ਹੈ। ਪੰਜਾਬ ਦੇ ਅੱਧੀ ਦਰਜਨ ਜ਼ਿਲ੍ਹਿਆਂ ਵਿੱਚ ਰਿਕਸ਼ਾ ਰੇਹੜੀਆਂ ਦੀ ਖ਼ਰੀਦ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਪ੍ਰਤੀ ਰਿਕਸ਼ਾ ਰੇਹੜੀ 10 ਹਜ਼ਾਰ ਰੁਪਏ ਦੇ ਫੰਡ ਜਾਰੀ ਕੀਤੇ ਗਏ ਸਨ, ਜਿਨ੍ਹਾਂ ਦੀਆਂ ਬਾਕਾਇਦਾ ਸਪੈਸੀਫਿਕੇਸ਼ਨਾਂ ਨਿਰਧਾਰਿਤ ਕੀਤੀਆਂ ਗਈਆਂ ਸਨ। ਜ਼ਿਲ੍ਹਾ ਪੱਧਰ ‘ਤੇ ਇਨ੍ਹਾਂ ਰਿਕਸ਼ਾ ਰੇਹੜੀਆਂ ਦੀ ਖ਼ਰੀਦ ਕੀਤੀ ਗਈ ਸੀ। ਵਿੱਤੀ ਸਾਲ 2016-17 ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗੱਠਜੋੜ ਸਰਕਾਰ ਦੇ ਹਲਕਾ ਇੰਚਾਰਜਾਂ ਅਤੇ ਮੰਤਰੀਆਂ ਵੱਲੋਂ ਇਨ੍ਹਾਂ ਦੀ ਵੰਡ ਕੀਤੀ ਗਈ ਸੀ।
ਬਠਿੰਡਾ ਵਿੱਚ ਇਸ ਸਕੀਮ ਤਹਿਤ ਕਰੀਬ ਇੱਕ ਕਰੋੜ ਦੇ ਫੰਡ ਦਿੱਤੇ ਗਏ ਸਨ, ਜਿਨ੍ਹਾਂ ਨਾਲ ਕਰੀਬ 1500 ਰਿਕਸ਼ੇ ਖ਼ਰੀਦੇ ਗਏ ਸਨ। ਬਠਿੰਡਾ ਵਿੱਚ ਸਭ ਤੋਂ ਘੱਟ ਰੇਟ ‘ਤੇ ਖ਼ਰੀਦ ਹੋਈ, ਜੋ ਪ੍ਰਤੀ ਰਿਕਸ਼ਾ ਰੇਹੜੀ 6895 ਰੁਪਏ ਹੈ। ਮਾਨਸਾ ਦੀ ਜਨਤਾ ਟਰੇਡਰਜ਼ ਵੱਲੋਂ ਇਹ ਸਪਲਾਈ ਦਿੱਤੀ ਗਈ।
ਪੰਚਾਇਤ ਵਿਭਾਗ ਦੀ ਪੜਤਾਲ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ 300 ਰਿਕਸ਼ਾ ਰੇਹੜੀਆਂ ਦੀ ਖ਼ਰੀਦ ਕੀਤੀ ਗਈ, ਜਿਨ੍ਹਾਂ ਵਾਸਤੇ ਨਾ ਟੈਂਡਰ ਲਾਏ ਗਏ ਅਤੇ ਨਾ ਹੀ ਕਿਸੇ ਅਖ਼ਬਾਰ ਵਿੱਚ ਕੋਈ ਇਸ਼ਤਿਹਾਰ ਦਿੱਤਾ ਗਿਆ। ਬਰਨਾਲਾ ਵਿੱਚ ਚੁੱਪ-ਚੁਪੀਤੇ ਜ਼ੀਰਕਪੁਰ ਦੀ ਇੱਕ ਫਰਮ ਤੋਂ ਇਹ ਰੇਹੜੀਆਂ ਖ਼ਰੀਦ ਲਈਆਂ ਗਈਆਂ। ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀ ਨੇ ਤਿੰਨ ਫਰਮਾਂ ਤੋਂ ਕੁਟੇਸ਼ਨਾਂ ਲੈ ਲਈਆਂ ਤੇ ਜ਼ੀਰਕਪੁਰ ਦੀ ਫਰਮ ਤੋਂ 9480 ਰੁਪਏ ਦੇ ਹਿਸਾਬ ਨਾਲ ਰੇਹੜੀਆਂ ਖ਼ਰੀਦ ਲਈਆਂ। ਇਹ ਫਰਮ ਸੰਗਰੂਰ ਦੇ ਇੱਕ ਚਰਚਿਤ ਵਿਅਕਤੀ ਦੀ ਹੈ।
ਪੜਤਾਲ ਵਿੱਚ ਲਿਖਿਆ ਹੈ ਕਿ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਤਿੰਨ ਫਰਮਾਂ ਦੀ ਭੂਮਿਕਾ ਵੀ ਸ਼ੱਕੀ ਹੈ, ਕਿਉਂਕਿ ਜਦੋਂ ਕਿਤੇ ਜਨਤਕ ਇਸ਼ਤਿਹਾਰ ਹੀ ਨਹੀਂ ਦਿੱਤਾ ਗਿਆ ਤਾਂ ਇਹ ਤਿੰਨੇ ਫਰਮਾਂ ਕਿਵੇਂ ਪੁੱਜ ਗਈਆਂ।
ਗੁਰਦਾਸਪੁਰ ਵਿੱਚ ਵੀ ਤਿੰਨੋਂ ਫਰਮਾਂ ਨੇ ਸ਼ਮੂਲੀਅਤ ਕੀਤੀ। ਪੜਤਾਲੀਆ ਅਫ਼ਸਰ ਅਨੁਸਾਰ ਗੁਰਦਾਸਪੁਰ ਵਿੱਚ ਵੀ ਰਿਕਸ਼ਾ ਰੇਹੜੀ ਦੀ ਖ਼ਰੀਦ ਨਿਯਮਾਂ ਅਨੁਸਾਰ ਨਹੀਂ ਹੋਈ ਹੈ ਤੇ ਇੱਥੇ ਵੀ ਜ਼ੀਰਕਪੁਰ ਦੀ ਫਰਮ ਤੋਂ ਖ਼ਰੀਦ ਕੀਤੀ ਗਈ ਹੈ। ਇੱਥੇ ਵੀ ਨਾ ਕੋਈ ਇਸ਼ਤਿਹਾਰ ਦਿੱਤਾ ਗਿਆ ਅਤੇ ਨਾ ਹੀ ਟੈਂਡਰ ਜਾਰੀ ਕੀਤੇ ਗਏ। ਭਾਵੇਂ ਪੜਤਾਲ ਰਿਪੋਰਟ ਵਿੱਚ ਪਟਿਆਲਾ ਵਿਚ ਹੋਈ ਖ਼ਰੀਦ ਨੂੰ ਨਿਯਮਾਂ ਅਨੁਸਾਰ ਦੱਸਿਆ ਗਿਆ ਹੈ ਪਰ ਪਟਿਆਲਾ ਵਿੱਚ ਸਭ ਤੋਂ ਜ਼ਿਆਦਾ ਕੀਮਤ ‘ਤੇ ਕਰੀਬ 9890 ਰੁਪਏ ਵਿੱਚ ਪ੍ਰਤੀ ਰਿਕਸ਼ਾ ਰੇਹੜੀ ਦੀ ਖ਼ਰੀਦ ਹੋਈ ਹੈ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …