ਆਖਿਆ, ਉਪਰ ਵਾਲੇ ਦੀ ਇੱਛਾ ਸੀ ਕਿ ਅਸੀਂ ਹਾਰ ਜਾਈਏ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਹਾਰ ਦੇ ਕਾਰਨ ਜਾਣਨ ਲਈ ਪੰਜਾਬ ਪਹੁੰਚੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਾਰ ਦੀ ਜ਼ਿੰਮੇਵਾਰੀ ਰੱਬ ਸਿਰ ਮੜ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਹਾਰ ਲਈ ਕਈ ਕਾਰਨ ਹੋ ਸਕਦੇ ਹਨ ਪਰ ਉੱਪਰ ਵਾਲਾ ਇਹ ਚਾਹੁੰਦਾ ਸੀ ਕਿ ਪਾਰਟੀ ਵਿਰੋਧੀ ਧਿਰ ਵਿੱਚ ਬੈਠ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰੇ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਭਗਵੰਤ ਮਾਨ, ਐੱਚ.ਐੱਸ.ਫੂਲਕਾ ਤੇ ਆਪ ਦੀ ਹੋਰ ਸੀਨੀਅਰ ਲੀਡਰਸ਼ਿਪ ਕੇਜਰੀਵਾਲ ਦੇ ਨਾਲ ਸੀ। ਜ਼ਿਕਰਯੋਗ ਹੈ ਕਿ ਅੱਜ ਮਜੀਠੀਆ ਕੇਸ ਵਿਚ ਕੇਜਰੀਵਾਲ ਦੀ ਪੇਸ਼ੀ ਵੀ ਸੀ।
ਉਨ੍ਹਾਂ ਕਿਹਾ ਕਿ ਉਹ ਉੱਪਰ ਵਾਲੇ ਦੀ ਸ਼ਕਤੀ ਵਿੱਚ ਵਿਸ਼ਵਾਸ ਰੱਖਦੇ ਹਨ ਤੇ ਜੋ ਵੀ ਹੋਇਆ ਉੱਪਰ ਵਾਲੇ ਦੀ ਮਰਜ਼ੀ ਨਾਲ ਹੀ ਹੋਇਆ। ਉਨ੍ਹਾਂ ਕਿਹਾ ਪੰਜਾਬ ਦੇ ਨਤੀਜੇ ਪਾਰਟੀ ਦੀਆਂ ਉਮੀਦਾਂ ਦੇ ਖਿਲਾਫ ਨਹੀਂ ਸਗੋਂ ਪੰਜਾਬੀਆਂ ਦੀਆਂ ਉਮੀਦਾਂ ਦੇ ਖਿਲਾਫ ਆਏ ਹਨ। ਉਨ੍ਹਾਂ ਪਾਰਟੀ ਵਰਕਰਾਂ ਕੋਲੋਂ ਮੁਆਫੀ ਮੰਗੀ ਕਿ ਉਹ ਦਿੱਲੀ ਵਿੱਚ ਕੁਝ ਰੁਝੇਵੇਂ ਹੋਣ ਕਰਕੇ ਪੰਜਾਬ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਨਹੀਂ ਆ ਸਕੇ। ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ।
ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਹਾਰ ਤੋਂ ਬਾਅਦ ਆਪਣੇ ਦਿਲ ਦੀ ਭੜਾਸ ਕੱਢੀ। ਮਾਨ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਪਾਰਟੀ ਦੇ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੀ ਪੰਜਾਬ ਵਿੱਚ ਹਾਰ ਨਹੀਂ ਸਗੋਂ ਜਿੱਤ ਹੋਈ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …