-1.9 C
Toronto
Thursday, December 4, 2025
spot_img
Homeਪੰਜਾਬਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਪ੍ਰਸ਼ਾਸਨਿਕ ਭਾਸ਼ਾ...

ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਪ੍ਰਸ਼ਾਸਨਿਕ ਭਾਸ਼ਾ ਬਣਾਏ ਜਾਣ ਦੀ ਮੰਗ ਨੇ ਫੜਿਆ ਜ਼ੋਰ

‘ਚੰਡੀਗੜ੍ਹ ਪੰਜਾਬੀ ਮੰਚ’ ਨੇ ਸੈਕਟਰ 17 ‘ਚ ਦਿੱਤਾ ਵਿਸ਼ਾਲ ਧਰਨਾ
1 ਨਵੰਬਰ ਨੂੰ ਕੀਤਾ ਜਾਵੇਗਾ ਪੰਜਾਬ ਰਾਜ ਭਵਨ ਦਾ ਘਿਰਾਓ     
ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ‘ਤੇ ਪੰਜਾਬੀ ਹਿਤੈਸ਼ੀਆਂ ਨੇ ਵੱਡੀ ਗਿਣਤੀ ਵਿਚ ਇਕੱਠਿਆਂ ਹੋ ਕੇ ਮਾਂ ਬੋਲੀ ਨੂੰ ਉਸਦਾ ਬਣਦਾ ਸਨਮਾਨ ਦਿਵਾਉਣ ਲਈ ਵਿਸ਼ਾਲ ਧਰਨਾ ਦਿੱਤਾ। ਚੰਡੀਗੜ੍ਹ ਦੇ ਸੈਕਟਰ 17 ਪਲਾਜ਼ਾ ਵਿਚ ਅੱਜ ਚੰਡੀਗੜ੍ਹ ਪੰਜਾਬੀ ਮੰਚ ਦੇ ਬੈਨਰ ਹੇਠ ਇਕੱਠੇ ਹੋਏ 500 ਤੋਂ ਵੱਧ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਨੇ ਪ੍ਰਸ਼ਾਸਨ ਤੋਂ ਇਕਮੁੱਠ ਹੋ ਕੇ ਪੁਰਜ਼ੋਰ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਅਤੇ ਕੰਮਕਾਜ ਦੀ ਭਾਸ਼ਾ ਬਣਾਉਂਦਿਆਂ ਉਸ ਨੂੰ ਪ੍ਰਸ਼ਾਸਨਿਕ ਭਾਸ਼ਾ ਦਾ ਵੀ ਦਰਜਾ ਦਿੱਤਾ ਜਾਵੇ। ਨਾਲ ਹੀ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਸਾਡੀਆਂ ਇਹ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਆਉਂਦੀ 1 ਨਵੰਬਰ ਨੂੰ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ।
ਇਸ ਧਰਨੇ ਨੂੰ ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਪਦਮਸ੍ਰੀ ਸੁਰਜੀਤ ਪਾਤਰ, ਕੇਂਦਰੀ ਲੇਖਕ ਸਭਾ ਦੇ ਪ੍ਰਧਾਨ ਡਾ. ਸਰਬਜੀਤ, ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਰਹੇ ਪਵਨ ਕੁਮਾਰ ਬਾਂਸਲ, ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਅਤੇ ਹੋਰਨਾਂ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਾਫ ਆਖਿਆ ਕਿ ਚੰਡੀਗੜ੍ਹ ਵਿਚ ਪੰਜਾਬੀ ਬੋਲੀ ਨੂੰ ਪਹਿਲੀ ਭਾਸ਼ਾ ਅਤੇ ਕੰਮਕਾਜ ਦੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਤੇ ਇਹ ਸੰਘਰਸ਼ ਤਦ ਤੱਕ ਜਾਰੀ ਰਹੇਗਾ, ਜਦ ਤੱਕ ਪੰਜਾਬੀ ਨੂੰ ਸਨਮਾਨ ਨਹੀਂ ਮਿਲ ਜਾਂਦਾ। ਇਸ ਧਰਨੇ ਵਿਚ ਚੰਡੀਗੜ੍ਹ ਦੇ 23 ਪਿੰਡਾਂ ਦੇ ਲੋਕ, ਚੰਡੀਗੜ੍ਹ ਵਿਚ ਵਸਦੇ ਪੰਜਾਬੀ ਨੂੰ ਪਿਆਰ ਕਰਨ ਵਾਲੇ ਪੰਜਾਬੀ ਹਿਤੈਸ਼ੀ, ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਪ੍ਰਬੰਧਕ ਸੰਗਠਨ, ਨੌਜਵਾਨ ਸਭਾਵਾਂ, ਲੇਖਕ, ਕਵੀ, ਪ੍ਰੋਫੈਸਰ ਆਦਿ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

RELATED ARTICLES
POPULAR POSTS