Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਗਠਨ

ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਗਠਨ

ਬਿਕਰਮ ਸਿੰਘ ਮਜੀਠੀਆ ਸਮੇਤ ਚਾਰ ਨਵੇਂ ਚਿਹਰੇ ਸ਼ਾਮਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿੱਚ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਦੇ ਰਾਜਸੀ ਫ਼ੈਸਲੇ ਲੈਣ ਵਾਲੀ ਇਸ ਅਹਿਮ ਕਮੇਟੀ ਦੀ ਮੀਟਿੰਗ ਵਿਧਾਨ ਸਭਾ ਚੋਣਾਂ ਤੋਂ ਫ਼ੌਰੀ ਬਾਅਦ ਇੱਕੋ ਵਾਰ ਹੋਈ ਹੈ ਤੇ ਉਸ ਦੌਰਾਨ ਵੀ ਪਾਰਟੀ ਆਗੂਆਂ ਦਰਮਿਆਨ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਨੂੰ ਲੈ ਕੇ ਤਿੱਖੇ ਮੱਤਭੇਦ ਉਭਰੇ ਸਨ। ਸੂਬੇ ਵਿੱਚ ਕਾਂਗਰਸ ਸਰਕਾਰ ਦੇ ਗਠਨ ਮਗਰੋਂ ਜਥੇਬੰਦਕ ਢਾਂਚਾ ਭੰਗ ਕਰਨ ਕਰਕੇ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਲਗਪਗ ਠੱਪ ਪਈਆਂ ਹਨ।
ਪਾਰਟੀ ਵੱਲੋਂ ਜ਼ਰੂਰੀ ਸਰਗਰਮੀਆਂ ਲਈ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਵਿਚ ਮਿਲੀ ਨਮੋਸ਼ੀਜਨਕ ਹਾਰ ਕਰਕੇ ਪਾਰਟੀ ਦੇ ਸੀਨੀਅਰ ਆਗੂ ਨਰਾਜ਼ ਹਨ। ਸੂਬੇ ਦੇ ਚਾਰ ਵੱਡੇ ਸ਼ਹਿਰਾਂ ਵਿਚ ਨਗਰ ਨਿਗਮ ਦੀਆਂ ਚੋਣਾਂ ਵੀ ਸਿਰ ‘ਤੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕਮੇਟੀ ਵਿੱਚ ਚਾਰ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ, ਬਰਨਾਲਾ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਬਲਦੇਵ ਸਿੰਘ ਮਾਨ, ਸ਼ਰਨਜੀਤ ਸਿੰਘ ਢਿੱਲੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।
ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਪਹਿਲਾਂ ਵਾਲੇ ਆਗੂ ਹੀ ਸ਼ਾਮਲ ਹਨ। ਇਨ੍ਹਾਂ ਵਿੱਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਤੋਤਾ ਸਿੰਘ, ਪ੍ਰੋ.ਕਿਰਪਾਲ ਸਿੰਘ ਬਡੂੰਗਰ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਲੰਗਾਹ, ਜਥੇਦਾਰ ਅਜੀਤ ਸਿੰਘ ਕੋਹਾੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ.ਦਲਜੀਤ ਸਿੰਘ ਚੀਮਾ, ਸੇਵਾ ਸਿੰਘ ਸੇਖਵਾਂ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਹਰੀ ਸਿੰਘ ਜ਼ੀਰਾ ਤੇ ਅਵਤਾਰ ਸਿੰਘ ਹਿੱਤ ਦੇ ਨਾਮ ਸ਼ਾਮਲ ਹਨ। ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਵਾਂਗ ਪਾਰਟੀ ਦੀ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ। ਨਵੀਂ ਬਣੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ 3 ਜੂਨ ਨੂੰ ਜਲੰਧਰ ਵਿੱਚ ਹੋਵੇਗੀ। ਇਸੇ ਦਿਨ ਅਕਾਲੀ ਦਲ ਅਤੇ ਭਾਜਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵੀ ਹੋਵੇਗੀ, ਜਿਸ ਵਿੱਚ ਮੌਜੁਦਾ ਰਾਜਨੀਤਕ ਸਥਿਤੀ ਉਪਰ ਚਰਚਾ ਕੀਤੀ ਜਾਵੇਗੀ।
21 ਸਿੱਖ ਨੌਜਵਾਨਾਂ ਦੇ ਕਤਲ ਬਾਰੇ ਕੈਪਟਨ ਪੁਲਿਸ ਕੇਸ ਦਰਜ ਕਰਵਾਉਣ : ਸੁਖਬੀਰ ਬਾਦਲ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਖ਼ੁਦ ਹੀ 21 ਨੌਜਵਾਨਾਂ ਦੇ ਕਤਲ ਬਾਰੇ ਪੁਲਿਸ ਕੋਲ ਕੇਸ ਦਰਜ ਕਰਾਉਣ ਅਤੇ ਇਹ ਖ਼ੁਲਾਸਾ ਵੀ ਕਰਨ ਕਿ ਕਿਹੜੇ ਪੁਲਿਸ ਵਾਲਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਸੁਖਬੀਰ ਬਾਦਲ ਇੱਥੇ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਸਨ, ਜਿੱਥੇ ਉਨ੍ਹਾਂ ਪਰਿਵਾਰ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਵਿੱਚ ਸ਼ਮੂਲੀਅਤ ਕੀਤੀ। ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਨੇ ਆਪਣੀ ਪੁਸਤਕ ਵਿੱਚ 21 ਨੌਜਵਾਨਾਂ ਨੂੰ ਬਚਾਉਣ ਦੇ ਨਾਂ ਹੇਠ ਤਤਕਾਲੀ ਪ੍ਰਧਾਨ ਮੰਤਰੀ ਕੋਲ ਪੇਸ਼ ਕਰਾਉਣ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਨੂੰ ਬਾਅਦ ਵਿੱਚ ਮਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਮਾਮਲਾ ਜਨਤਕ ਹੋ ਚੁੱਕਿਆ ਹੈ ਤਾਂ ਕੈਪਟਨ ਖ਼ੁਦ ਹੀ ਇਸ ਬਾਰੇ ਕੇਸ ਦਰਜ ਕਰਾਉਣ ਅਤੇ ਇਹ ਵੀ ਖ਼ੁਲਾਸਾ ਕਰਨ ਕਿ ਇਸ ਹੱਤਿਆ ਕਾਂਡ ਨੂੰ ਕਿਸ ਨੇ ਅੰਜਾਮ ਦਿੱਤਾ ਸੀ? ਰਾਣਾ ਗੁਰਜੀਤ ਸਿੰਘ ਦੇ ਰੇਤ ਖੱਡ ਮਾਮਲੇ ਵਿੱਚ ਸ਼ਮੂਲੀਅਤ ਦੀ ਜਾਂਚ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਾਂਚ ਕਰਾਉਣੀ ਹੈ ਤਾਂ ਈਡੀ ਕੋਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਜਾਂਚ ਦਾ ਮਤਲਬ ਮਾਮਲਾ ਖ਼ਤਮ ਕਰਨਾ ਹੈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …