ਅੰਮ੍ਰਿਤਸਰ : ਹਰਿਆਣਾ ਦੇ ਅਕਾਲੀ ਆਗੂ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅਕਾਲ ਤਖ਼ਤ ਸਾਹਿਬ ઠਵਿਖੇ ਸਾਥੀਆਂ ਸਮੇਤ ਅਰਦਾਸ ਕੀਤੀ ਅਤੇ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝੀਂਡਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੌਮੀ ਪਾਰਟੀ ਹੋਵੇਗੀ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਪਾਰਟੀ ਦੇ ਯੂਨਿਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿਧਾਨ ਸਭਾ ਚੋਣਾਂ ਲੜੇਗੀ, ਜਿਸ ਦੀ ਸ਼ੁਰੂਆਤ 2017 ਦੀਆਂ ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲਾ ਅਕਾਲੀ ਦਲ ਹੈ, ਜਿਸ ਦਾ ਐਲਾਨ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਜਨਤਾ ਦਾ ਬਣਾਇਆ ਹੈ ਅਤੇ ਜਨਤਾ ਲਈ ਹੀ ਕੰਮ ਕਰੇਗਾ ਅਤੇ ਅਕਾਲ ਤਖ਼ਤ ਸਾਹਿਬ ਤੋਂ ਸੇਧ ਲਏਗਾ। ਉਨ੍ਹਾਂ ਕਿਹਾ ਕਿ ਫਿਲਹਾਲ ਉਹ ਜਨਤਾ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ ਪਰ ਜਨਤਾ ਅਕਾਲੀ ਦਲ ਦਾ ਢਾਂਚਾ ਬਣਾ ਕੇ 1 ਅਗਸਤ ਦੀ ਮੀਟਿੰਗ ਵਿਚ ਵਿਚਾਰ ਚਰਚਾ ਕਰਨ ਉਪਰੰਤ ਸਰਬਸੰਮਤੀ ਨਾਲ ਜੋ ਫੈਸਲਾ ਹੋਵੇਗਾ, ਉਸ ਮੁਤਾਬਕ ਸਿਰਫ ਇਕ ਅਹੁਦੇ ‘ਤੇ ਹੀ ਬਿਰਾਜਮਾਨ ਰਹਿਣਗੇ। ਉਨ੍ਹਾਂ ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਸ਼ਹੀਦ ਹੋਏ 6 ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਮਾਨਤਾ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਅਕਾਲ ਤਖ਼ਤ ਸਾਹਿਬ ‘ਤੇ ਸਰਕਾਰੀ ਜਥੇਦਾਰ ਕਾਬਜ਼ ਹਨ, ਜਦੋਂਕਿ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਸਮਾਜਿਕ ਜਥੇਦਾਰ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …