ਬੇਅਦਬੀ ਬਾਰੇ ਸੀਬੀਆਈ ਜਾਂਚ ‘ਚ ਤੇਜ਼ੀ ਲਿਆਉਣ ਲਈ ਕਿਹਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬੇ ਦੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਖੇਤੀ ਸੰਕਟ ਦੇ ਹੱਲ ਅਤੇ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਜਨਵਰੀ 2016 ਤੋਂ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਆਰਐਸਐਸ ਅਤੇ ਸ਼ਿਵ ਸੈਨਾ ਦੇ ਆਗੂਆਂ ਦੀਆਂ ਮਿੱਥ ਕੇ ਕੀਤੀਆਂ ਹੱਤਿਆਵਾਂ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਸਬੰਧੀ ਕਿਹਾ ਕਿ ਉਨ੍ਹਾਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੇਂਦਰ ਅਤੇ ਸੂਬਾ ਪੁਲਿਸ ਅਤੇ ਖੁਫੀਆ ਏਜੰਸੀਆਂ ਇਨ੍ਹਾਂ ਮਾਮਲਿਆਂ ਦਾ ਪਤਾ ਲਾਉਣ ਵਿਚ ਅਸਫਲ ਰਹੀਆਂ ਹਨ। ਉਹਨਾਂ ਬੇਨਤੀ ਕੀਤੀ ਕਿ ਕੇਂਦਰੀ ਖੁਫੀਆ ਅਤੇ ਜਾਂਚ ਏਜੰਸੀਆਂ ਨੂੰ ਇਨ੍ਹਾਂ ਮਾਮਲਿਆਂ ਦਾ ਪਤਾ ਲਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣ।
ਕੈਪਟਨ ਨੇ ਸੂਬੇ ਵਿਚ ਸਰਹੱਦੀ ਸੁਰੱਖਿਆ ਮਜ਼ਬੂਤ ਬਣਾਉਣ ਵਾਸਤੇ 2016 ਵਿਚ ਗ੍ਰਹਿ ਮਾਮਲਿਆਂ ਦੇ ਕੇਂਦਰੀ ਮੰਤਰਾਲੇ ਵਲੋਂ ਆਈਆਰ ਦੀਆਂ ਦੋ ਬਟਾਲੀਅਨਾਂ ਵਾਸਤੇ ਦਿੱਤੀ ਮਨਜੂਰੀ ਲਈ ਪੂੰਜੀ ਲਾਗਤ ਤੋਂ ਇਲਾਵਾ ਸਾਲਾਨਾ ਲਾਗਤਾਂ ਨਾਲ ਨਿਪਟਣ ਲਈ ਪੰਜਾਬ ਨੂੰ ਜ਼ਰੂਰੀ ਫੰਡ ਦੇਣ ‘ਤੇ ਜ਼ੋਰ ਦਿੱਤਾ। ਉਹਨਾਂ ਪੰਜਾਬ ਵਿਚ ਖੁਫੀਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਵਲੋਂ ਵਿਸ਼ੇਸ਼ ਵਿੱਤੀ ਵਿਵਸਥਾਵਾਂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਬਹੁਤ ਸਾਰੇ ਖੇਤਰਾਂ ਵਿਚ ਸੋਸ਼ਲ ਮੀਡੀਆ ‘ਤੇ ਨਿਗਰਾਨੀ ਰੱਖਣ, ਗੈਰ-ਕਾਨੂੰਨੀ ਕਾਰਵਾਈਆਂ ‘ਤੇ ਰੋਕ ਲਾਉਣ ਆਦਿ ਲਈ ਸਮਰੱਥਾ ਨਿਰਮਾਣ ਦੀ ਜ਼ਰੂਰੀ ਲੋੜ ਵਾਸਤੇ ਠੋਸ ਨਿਵੇਸ਼ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਪਾਲੇ ਅੱਤਵਾਦ, ਨਸ਼ਿਆਂ ਦੀ ਸਰਹੱਦ ਪਾਰੋਂ ਹੋਣ ਵਾਲੀ ਸਮੱਗਲਿੰਗ, ਹਥਿਆਰਾਂ, ਧਮਾਕਾਖੇਜ਼ ਸਮੱਗਰੀ ਅਤੇ ਸਰਹੱਦ ਦੇ ਪਾਰੋਂ ਜਾਅਲੀ ਕਰੰਸੀ ਵਰਗੀ ਅਣਐਲਾਨੀ ਜੰਗ ਦੇ ਸਬੰਧ ਵਿਚ ਪੰਜਾਬ ਖਾਸ ਤੌਰ ‘ਤੇ ਸੰਵੇਦਨਸ਼ੀਲ ਹੋਣ ਕਰਕੇ ਸੁਰੱਖਿਆ ਦੇ ਸਬੰਧ ਵਿਚ ਕੇਂਦਰ ਦੀ ਮੱਦਦ ਮੰਗੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …