ਰਾਜ ਸਭਾ ‘ਚ ਪਾਸ ਕੀਤਾ ਗਿਆ ਬਿੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖ ਗੁਰਦੁਆਰਾ ਸੋਧ ਬਿੱਲ, 2016 ਅੱਜ ਰਾਜ ਸਭਾ ਵਿਚ ਵੀ ਪਾਸ ਕੀਤਾ ਗਿਆ। ਸਾਰੀਆਂ ਹੀ ਪਾਰਟੀਆਂ ਦੇ ਮੈਂਬਰਾਂ ਨੇ ਇਸ ਬਿੱਲ ਨੂੰ ਸਹਿਮਤੀ ਦਿੱਤੀ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟ ਪਾਉਣ ਦਾ ਹੱਕ ਨਹੀਂ ਮਿਲੇਗਾ।
ਸਹਿਜਧਾਰੀ ਵੋਟ ਪਾਉਣ ਦੇ ਹੱਕ ਨੂੰ ਲੈ ਕੇ ਲੰਮੇ ਸਮੇਂ ਤੋਂ ਲੜਾਈ ਲੜ ਰਹੇ ਸਨ। ਇਸ ਬਾਰੇ ਸੁਪਰੀਮ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਵੀ ਇਸ ਬਿੱਲ ਦੀ ਡਟ ਕੇ ਹਮਾਇਤ ਕੀਤੀ ਹੈ। ਇਸ ਬਿੱਲ ਵਿਚ ਸਿੱਖ ਗੁਰਦੁਆਰਾ ਐਕਟ, 1925 ‘ਚ ਕੀਤੀ ਗਈ ਸੋਧ ਨੂੰ ਰੱਦ ਕੀਤਾ ਗਿਆ ਹੈ।
ਦਰਅਸਲ 1999 ਵਿਚ ਅਟਲ ਬਿਹਾਰੀ ਵਾਜਪਾਈ ਸਰਕਾਰ ਦੌਰਾਨ ਸਹਿਜਧਾਰੀ ਸਿੱਖਾਂ ਨੂੰ ਐਸ.ਜੀ.ਪੀ.ਸੀ. ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਲਈ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਦਾ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਹਾਲਾਂਕਿ ਸਹਿਜਧਾਰੀ ਸਿੱਖਾਂ ਨੂੰ ਐਸ.ਜੀ.ਪੀ.ਸੀ. ਚੋਣਾਂ ਦੌਰਾਨ ਵੋਟ ਦੇਣ ਦੇ ਅਧਿਕਾਰ ਦਾ ਮਾਮਲਾ ਸੁਪਰੀਮ ਕੋਰਟ ਵਿਚ ਵੀ ਵਿਚਾਰ ਅਧੀਨ ਹੈ।
ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਕੇਂਦਰੀ ਕੈਬਨਿਟ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਸੀ, ਜਿਸ ਨਾਲ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਵੋਟਿੰਗ ਦਾ ਅਧਿਕਾਰ ਨਹੀਂ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਹਿਜਧਾਰੀ ਸਿੱਖਾਂ ਨੂੰ ਵੋਟਿੰਗ ਦਾ ਅਧਿਕਾਰ ਨਾ ਦੇਣ ਲਈ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਫ਼ੈਸਲੇ ਨਾਲ ਸਹਿਜਧਾਰੀ ਸਿੱਖਾਂ ਨੂੰ ਝਟਕਾ ਲੱਗਾ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …