Breaking News
Home / ਪੰਜਾਬ / ਲੁਧਿਆਣਾ ‘ਚ ਹੋਏ ਪਾਦਰੀ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ: ਡੀਜੀਪੀ

ਲੁਧਿਆਣਾ ‘ਚ ਹੋਏ ਪਾਦਰੀ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ: ਡੀਜੀਪੀ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਪੀਰੂ ਬੰਦਾ ਮੁਹੱਲੇ ਵਿੱਚ ਸ਼ਨਿੱਚਰਵਾਰ ਦੀ ਰਾਤ ਗਿਰਜਾਘਰ ਦੇ ਬਾਹਰ ਪਾਦਰੀ ਸੁਲਤਾਨ ਮਸੀਹ ਦੇ ਕਤਲਕਾਂਡ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਪਾਦਰੀ ਦੇ ਪਰਿਵਾਰ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ। ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਡੀਜੀਪੀ ਨੇ ਕਿਹਾ ਕਿ ਇਸ ਕਤਲਕਾਂਡ ਪਿੱਛੇ ਪਾਕਿਸਤਾਨ ਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਹੈ ਤੇ ਪੁਲਿਸ ਵੱਲੋਂ ਜਾਂਚ ਦੌਰਾਨ ਇਸ ਤੱਥ ਨੂੰ ਵੀ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਹੱਥ ਕੁਝ ਅਹਿਮ ਸਬੂਤ ਲੱਗੇ ਹਨ ਤੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਆਸ ਜਤਾਈ ਕਿ ਇਸ ਮਾਮਲੇ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ઠਪੁਲਿਸ ਫਿਲਹਾਲ ਇਹ ਮੰਨ ਕੇ ਚੱਲ ਰਹੀ ਹੈ ਕਿ ਲੁਧਿਆਣਾ ਵਿੱਚ ਪਹਿਲਾਂ ਹੋਏ ਮਾਤਾ ਚੰਦ ਕੌਰ, ਅਮਿਤ ਸ਼ਰਮਾ ਕਤਲਕਾਂਡ ਤੇ ਦੁਰਗਾ ਗੁਪਤਾ ਕਤਲਕਾਂਡਾਂ ਨਾਲ ਇਸ ਕਤਲ ਦੀ ਕੜੀ ਜੁੜੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਇਸ ਮਾਮਲੇ ਵਿਚ ਵੀ ਸੀਬੀਆਈ ਦੀ ਮਦਦ ਲਈ ਜਾ ਸਕਦੀ ਹੈ। ਯਾਦ ਰਹੇ ਕਿ ਲੰਘੇ ਦਿਨ ਡੀਜੀ ਇਟੈਲੀਜੈਂਸ ਨੇ ਸੀਬੀਆਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।
ਪਾਦਰੀ ਦੇ ਪੁੱਤ ਨੂੰ ਨਿਯੁਕਤੀ ਪੱਤਰ ਸੌਂਪਿਆ
ਪਾਦਰੀ ਕਤਲਕਾਂਡ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਪਾਦਰੀ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੇਣ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਕ ਡੀਜੀਪੀ ਸੁਰੇਸ਼ ਅਰੋੜਾ ਨੇ ਪਾਦਰੀ ਦੇ ਛੋਟੇ ਲੜਕੇ ਨੂੰ ਨਿਯੁਕਤੀ ਪੱਤਰ ਦਿੱਤਾ। ਪੁਲਿਸ ਕਮਿਸ਼ਨਰ ਦੇ ਨਾਮ ਦਿੱਤੇ ਇਸ ਪੱਤਰ ਵਿਚ ਲਿਖਿਆ ਹੈ ਕਿ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਲੜਕੇ ਨੂੰ ਪੁਲਿਸ ਵਿੱਚ ਸਿਪਾਹੀ ਰੱਖਿਆ ਜਾਵੇਗਾ। ਪਾਦਰੀ ਦਾ ਲੜਕਾ ਗਿਆਰ੍ਹਵੀਂ ਜਮਾਤ ਵਿਚ ਪੜ੍ਹਦਾ ਹੈ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …