-1.1 C
Toronto
Monday, January 12, 2026
spot_img
Homeਹਫ਼ਤਾਵਾਰੀ ਫੇਰੀਕਿਸਾਨਾਂ ਦਾ ਕਰਜ਼ਾ ਮੁਆਫ਼ੀ ਮੁੱਦਾ ਲੈ ਕੇ ਅਮਰਿੰਦਰ ਪਹੁੰਚੇ ਮੋਦੀ ਦਰਬਾਰ

ਕਿਸਾਨਾਂ ਦਾ ਕਰਜ਼ਾ ਮੁਆਫ਼ੀ ਮੁੱਦਾ ਲੈ ਕੇ ਅਮਰਿੰਦਰ ਪਹੁੰਚੇ ਮੋਦੀ ਦਰਬਾਰ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫਆਰਬੀਐਮ) ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਪੂਰੀ ਕਰ ਸਕੇ। ਉਨ੍ਹਾਂ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਵੱਖ-ਵੱਖ ਮੀਟਿੰਗਾਂ ਦੌਰਾਨ ਵਿੱਤੀ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਸਹਾਇਤਾ ਲਈ ਇਨ੍ਹਾਂ ਕਦਮਾਂ ‘ਤੇ ਫੌਰੀ ਗੌਰ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਨੇ ਮੋਦੀ ਤੇ ਜੇਤਲੀ ਨੂੰ 10,000 ਕਰੋੜ ਰੁਪਏ ਤੱਕ ਕਰਜ਼ਾ ਹੱਦ ਵਧਾਉਣ ਲਈ ਆਖਿਆ, ਜੋ ਸੂਬਾ ਸਰਕਾਰ ਲਈ ਕਰਜ਼ਾ ਮੁਆਫੀ/ਰਾਹਤ ਸਕੀਮ ਵਾਸਤੇ ਹੋਰ ਕਰਜ਼ਾ ਲੈਣ ਲਈ ਸਹਾਈ ਹੋਵੇਗਾ। ਇਸ ਦਾ ਮਕਸਦ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੀ ਮੱਦਦ ਕਰਨਾ ਹੈ, ਜੋ ਘੋਰ ਬੇਚੈਨੀ ਦੇ ਆਲਮ ਵਿੱਚੋਂ ਗੁਜ਼ਰਦਿਆਂ ਖ਼ੁਦਕੁਸ਼ੀਆਂ ਵਰਗਾ ਰਾਹ ਅਪਣਾ ਰਹੇ ਹਨ। ਉਨ੍ਹਾਂ ਬਾਅਦ ਵਿੱਚ ਆਸ ਪ੍ਰਗਟਾਈ ਕਿ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬੇ ਦੀ ਮਦਦ ਵਾਸਤੇ ਕੇਂਦਰ ਸਰਕਾਰ ਹਾਂ-ਪੱਖੀ ਹੁੰਗਾਰਾ ਭਰੇਗੀ। ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਨੇ ਇਨ੍ਹਾਂ ਮੀਟਿੰਗਾਂ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਰੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਦੋ ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕੀਤਾ ਹੈ। ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਵੀ ਦੋ ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਸਰਕਾਰ ਨੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਆਪਣੇ ਸਿਰ ਲੈਣ ਦਾ ਵੀ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਕੁੱਲ 10.25 ਲੱਖ ਕਿਸਾਨ ਪਰਿਵਾਰ ਲਾਭਪਾਤਰੀ ਹਨ ਜਿਨ੍ਹਾਂ ਲਈ ਇਹ ਸਕੀਮ ਲਾਗੂ ਕਰਨ ਵਾਸਤੇ 9500 ਕਰੋੜ ਰੁਪਏ ਦੀ ਜ਼ਰੂਰਤ ਹੈ। ਇਸ ਕਰਕੇ ਸੂਬਾ ਸਰਕਾਰ ਨੂੰ ਕਰਜ਼ਾ ਮੁਆਫੀ ਸਕੀਮ ਦੇ ਫੰਡਾਂ ਲਈ ਵਾਧੂ ਕਰਜ਼ਾ ਚੁੱਕਣ ਦੀ ਲੋੜ ਹੈ। ਕੇਂਦਰੀ ਵਿੱਤ ਮੰਤਰੀ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਕੁਝ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES
POPULAR POSTS