ਹਸਪਤਾਲ ਵਲੋਂ ਪੈਸਿਆਂ ਦਾ ਭੁਗਤਾਨ ਨਾ ਕਰਨ ਕਰਕੇ ਕੰਪਨੀ ਨੇ ਆਕਸੀਜਨ ਦੀ ਸਪਲਾਈ ਕੀਤੀ ਸੀ ਬੰਦ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਗੜ੍ਹ ਗੋਰਖਪੁਰ ਦੇ ਬਾਬਾ ਰਾਘਵ ਦਾਸ ਮੈਡੀਕਲ ਕਾਲਜ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਲੰਘੇ 6 ਦਿਨਾਂ ਵਿਚ ਬੱਚਿਆਂ ਦੀਆਂ ਮੌਤਾਂ ਦੀ ਗਿਣਤੀ ਵਧ ਕੇ 63 ਹੋ ਗਈ ਹੈ। ਇਸ ਨੂੰ ਲੈ ਕੇ ਸਿਆਸਤ ਵੀ ਭਖ ਗਈ ਹੈ। ਮੈਡੀਕਲ ਕਾਲਜ ਕੰਪਲੈਕਸ ਵਿਚ ਸਿਆਸੀ ਆਗੂਆਂ ਦਾ ਜਮਾਵੜਾ ਲੱਗਿਆ ਹੋਇਆ ਹੈ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਮਿਸ਼ਰਾ ਨੂੰ ਮੁਅੱਤਲ ਕਰ ਦਿੱਤਾ। ਉਧਰ ਮੁੱਖ ਮੰਤਰੀ ਅੱਤਿਆਨਾਥ ਯੋਗੀ ਦਾ ਕਹਿਣਾ ਹੈ ਕਿ ਇਹ ਮੌਤਾਂ ਗੰਦਗੀ ਦੇ ਕਾਰਨ ਹੋਈਆਂ ਹਨ। ਉਹਨਾਂ ਕਿਹਾ ਕਿ ਲੋਕ ਸਫਾਈ ਨੂੰ ਲੈ ਕੇ ਜਾਗਰੂਕ ਨਹੀਂ ਹਨ। ਹਰਿਆਣਾ ਦੇ ਸਿਹਤ ਮੰਤਰੀ ਦਾ ਕਹਿਣਾ ਕਿ ਅਗਸਤ ਵਿਚ ਬੱਚਿਆਂ ਦੀਆਂ ਮੌਤਾਂ ਜ਼ਿਆਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2014 ਵਿਚ 567 ਬੱਚਿਆਂ ਦੀ ਮੌਤ ਹੋਈ ਸੀ। ਦੂਜੇ ਪਾਸੇ ਕਾਂਗਰਸ ਇਸ ਮਾਮਲੇ ਦਾ ਸਾਰਾ ਭਾਂਡਾ ਯੋਗੀ ਸਰਕਾਰ ਸਿਰ ਭੰਨ੍ਹ ਰਹੀ ਹੈ ਅਤੇ ਮੁੱਖ ਮੰਤਰੀ ਕੋਲੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਇਸ ਬਾਰੇ ਸੂਬਾ ਪ੍ਰਸ਼ਾਸਨ ਕੋਲੋਂ ਰਿਪੋਰਟ ਮੰਗ ਲਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਕਸੀਜਨ ਸਪਲਾਈ ਕਰਨ ਵਾਲੀ ਕੰਪਨੀ ਦਾ ਹਸਪਤਾਲ ਵੱਲ 68 ਲੱਖ ਰੁਪਏ ਦਾ ਬਕਾਇਆ ਸੀ ਤਾਂ ਜੋ ਕੰਪਨੀ ਨੇ ਆਕਸੀਜਨ ਦੀ ਸਪਲਾਈ ਬੰਦ ਕਰ ਦਿੱਤੀ ਸੀ। ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਯੂਪੀ ਸਰਕਾਰ ਨੂੰ ਨੋਟਿਸ ਭੇਜ ਕੇ ਇਸ ਮਾਮਲੇ ਦੀ ਰਿਪੋਰਟ ਮੰਗ ਲਈ ਹੈ।