ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੌਂਪੀ ਗਈ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਅਨੰਦਪੁਰ ਸਾਹਿਬ ਵਿਖੇ ਸਿੱਖ ਧਰਮ ਦੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਤੇ ਅਮਰਜੀਤ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਅਰਦਾਸ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੀਤੀ ਗਈ। ਚੇਤੇ ਰਹੇ ਕਿ ਲੰਘੇ ਕੱਲ੍ਹ ਗਿਆਨੀ ਮੱਲ ਸਿੰਘ ਦਾ ਮੁਹਾਲੀ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।
ਗਿਆਨੀ ਜੀ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਜਥੇਦਾਰ ਹਰਪ੍ਰੀਤ ਸਿੰਘ ਦਮਦਮਾ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਜੋਗਿੰਦਰ ਸਿੰਘ ਵੇਦਾਂਤੀ ਤੋਂ ਇਲਾਵਾ ਸੰਸਦ ਮੇਂਬਰ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬਾਬਾ ਹਰਨਾਮ ਸਿੰਘ ਅਤੇ ਹੋਰ ਧਾਰਮਿਕ ਤੇ ਸਮਾਜਿਕ ਆਗੂ ਸ਼ਾਮਲ ਹੋਏ। ਇਸੇ ਦੌਰਾਨ ਗਿਆਨੀ ਫੂਲਾ ਸਿੰਘ ਨੂੰ ਹਾਲ ਦੀ ਘੜੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੌਂਪੀ ਗਈ ਹੈ।