Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਅਜ਼ਾਦੀ ਦਿਵਸ ਮੌਕੇ ਗੁਰਦਾਸਪੁਰ ‘ਚ ਫਹਿਰਾਇਆ ਤਿਰੰਗਾ

ਕੈਪਟਨ ਅਮਰਿੰਦਰ ਨੇ ਅਜ਼ਾਦੀ ਦਿਵਸ ਮੌਕੇ ਗੁਰਦਾਸਪੁਰ ‘ਚ ਫਹਿਰਾਇਆ ਤਿਰੰਗਾ

ਪੰਜਾਬ ‘ਚ ਕਿਸਾਨਾਂ ਦੀ ਕਰਜ਼ਾ ਮੁਆਫੀ ਸਮੇਤ ਕੀਤੇ ਕਈ ਵੱਡੇ ਐਲਾਨ, 50 ਹਜ਼ਾਰ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ
ਗੁਰਦਾਸਪੁਰ/ਬਿਊਰੋ ਨਿਊਜ਼ : 71ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਦੇ ਖੇਡ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਾਰੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਉਨ੍ਹਾਂ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਲਈ ਇਹ ਸੰਭਵ ਕੀਤਾ ਕਿ ਅਸੀਂ ਆਜ਼ਾਦੀ ਅਤੇ ਸ਼ਾਂਤੀ ਵਿਚ ਰਹਿ ਸਕੀਏ। ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਗੁਰਦਾਸਪੁਰ ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਫਹਿਰਾਇਆ। ਇਸ ਮੌਕੇ ਕੈਪਟਨ ਵੱਲੋਂ ਕਿਸਾਨਾਂ ਦੀ ਕਰਜਾ ਮੁਆਫੀ ਸਮੇਤ ਕਈ ਵੱਡੇ ਐਲਾਨ ਕੀਤੇ ਗਏ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਖੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ઠਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਘਰ-ਘਰ ਨੌਕਰੀ’ ਸਕੀਮ ਦੇ ਪਹਿਲੇ ਪੜਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਇਸੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ, ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਸੰਗੂਰਰ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲੰਧਰ, ਅਜਾਇਬ ਸਿੰਘ ਭੱਟੀ ਨੇ ਰੂਪਨਗਰ ਤੇ ਚਰਨਜੀਤ ਸਿੰਘ ਚੰਨੀ ਨੇ ਫਰੀਦਕੋਟ ਵਿਚ ਤਿਰੰਗਾ ਫਹਿਰਾਇਆ।
ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਨਾਲ ਸੂਬੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਣ ਵਾਸਤੇ ਸੂਬਾ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾਣਗੇ।
ਮੁੱਖ ਮੰਤਰੀ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਗਾਰਡ ਆਫ ਆਨਰ ਲਿਆ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਕੀਤੀ ਗਤਕੇ ਦੀ ਪੇਸ਼ਕਾਰੀ ਦਾ ਅਨੰਦ ਮਾਣਿਆ, ਨੇ ਇਸ ਪਵਿੱਤਰ ਮੌਕੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਕੇ ਸ਼ਾਂਤਮਈ, ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ। ਮੁੱਖ ਮੰਤਰੀ ਨੇ ਸਾਰੀਆਂ ਲਿੰਕ ਸੜਕਾਂ ਲਈ 2500 ਕਰੋੜ ਰੁਪਏ ਦੀ ਲਾਗਤ ਨਾਲ ਸਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ਵਿਚ ਅਜਿਹੀਆਂ 22870 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ 31 ਦਸੰਬਰ, 2017 ਤੋਂ ਪਹਿਲਾਂ ਸੂਬੇ ਦੇ ਹਰੇਕ ਘਰ ਵਿਚ ਇੱਕ ਪਖਾਨਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਸਕੂਲਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਤੋਂ ਇਲਾਵਾ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ 2100 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 806 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਦਾ ਫਸਲੀ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ 2 ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀ ਕਰਨ ਜਾਂ ਅਜਿਹਾ ਕੋਈ ਘਾਤਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਕਰਜ਼ਾ ਮੁਆਫੀ ਦੀ ਸਕੀਮ ਇੱਕ ਮਹੀਨੇ ਵਿਚ ਅਮਲ ਵਿੱਚ ਆ ਜਾਵੇਗੀ ਅਤੇ ਸਰਕਾਰ ਆਪਣੇ ਪੱਧਰ ‘ਤੇ ਕਿਸਾਨਾਂ ਦਾ ਕਰਜ਼ਾ ਲਾਹੇਗੀ, ਜਿਸ ਕਰਕੇ ਕਿਸਾਨਾਂ ਨੂੰ ਇਸ ਦੀ ਅਦਾਇਗੀ ਕਰਨ ਲਈ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਟਾਸਕ ਫੋਰਸ ਨੂੰ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ ਅਤੇ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 6018 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਕੁਝ ਪੁਲਿਸ ਮੁਲਾਜ਼ਮਾਂ ਸਮੇਤ 6933 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 97 ਕਿਲੋ ਹੈਰੋਇਨ ਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਪਾਬੰਦੀਸ਼ੁਦਾ ਦਵਾਈਆਂ ਜਿਨ੍ਹਾਂ ਦੀ ਸਿੰਥੈਟਿਕ ਡਰੱਗ ਬਣਾਉਣ ਲਈ ਦੁਰਵਰਤੋਂ ਕੀਤੀ ਜਾਂਦੀ ਸੀ, ਦੀ ਸਪਲਾਈ ਵਿੱਚ 50 ਫੀਸਦੀ ਗਿਰਾਵਟ ਆਈ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਝੂਠੇ ਕੇਸਾਂ ਵਿੱਚ ਫਸਾਏ ਬੇਕਸੂਰ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਅਤੇ ਅਜਿਹੇ ਕੇਸਾਂ ਦੀ ਜਾਂਚ ਲਈ ਬਣਾਏ ਨਿਆਂਇਕ ਕਮਿਸ਼ਨ ਵੱਲੋਂ ਛੇਤੀ ਆਪਣੀ ਰਿਪੋਰਟ ਸੌਂਪੀ ਜਾਵੇਗੀ।
ਉਨ੍ਹਾਂ ਆਖਿਆ ਕਿ ਅਜਿਹਾ ਹੀ ਇੱਕ ਕਮਿਸ਼ਨ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਾਇਮ ਕੀਤਾ ਗਿਆ ਹੈ, ਜੋ ਦੋਸ਼ੀਆਂ ਦੀ ਸ਼ਨਾਖਤ ਕਰ ਰਿਹਾ ਹੈ ਜਿਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰੇਗੀ। ‘ਪ੍ਰਬੰਧ ਦੇ ਰਾਖੇ’ ਸਕੀਮ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਬਕਾ ਸੈਨਿਕਾਂ ਦੀ ਸਵੈ-ਇੱਛਤ ਫੋਰਸ ਸਾਰੀਆਂ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਤੇ ਸੰਜ਼ੀਦਗੀ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਏਗੀ ਤਾਂ ਕਿ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਆਖਿਆ ਕਿ ਇਕ ਮਹੀਨੇ ਵਿੱਚ ਇੱਕ ਹਜ਼ਾਰ ਸਾਬਕਾ ਸੈਨਿਕ ਇਸ ਮਿਸ਼ਨ ਲਈ ਭਰਤੀ ਕੀਤੇ ਜਾਣਗੇ।

 

Check Also

ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ

ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …