ਕਿਹਾ, ਕਿਸੇ ਨੂੰ ਕਾਨੂੰਨ ਵਿਵਸਥਾ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਕਾਨੂੰਨ ਵਿਵਸਥਾ ਤੋੜਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਨਵੀਂ ਦਿੱਲੀ ਵਿਚ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ। ਕੈਪਟਨ ਨੇ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦੇ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੋਰਸ ਦੀਆਂ 75 ਕੰਪਨੀਆਂ ਪ੍ਰਾਪਤ ਹੋਈਆਂ ਹਨ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।