ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਬਠਿੰਡਾ/ਬਿਊਰੋ ਨਿਊਜ਼
ਡੇਰਾ ਸਿਰਸਾ ਮਾਮਲੇ ਬਾਰੇ ਅਦਾਲਤ ਦੇ ਆਉਣ ਵਾਲੇ ਫ਼ੈਸਲੇ ਨੂੰ ਲੈ ਕੇ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਬਠਿੰਡਾ ਰੇਂਜ ਦੇ 7 ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਸੁਰੇਸ਼ ਅਰੋੜਾ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨੀਮ ਫੌਜੀ ਬਲਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਨੀਮ ਫੌਜੀ ਬਲਾਂ ਦੀਆਂ 75 ਕੰਪਨੀਆਂ ਤੇ 11,000 ਪੰਜਾਬ ਪੁਲਿਸ ਦੇ ਜਵਾਨ ਆਉਂਦੇ ਦਿਨਾਂ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣਗੇ। ਸੁਰੱਖਿਆ ਬਲਾਂ ਨੇ ਆਮ ਲੋਕਾਂ ਨੂੰ ਸੁਰੱਖਿਅਤ ਹੋਣ ਦਾ ਅਹਿਸਾਸ ਦਵਾਉਣ ਲਈ ਫਲੈਗ ਮਾਰਚ ਵੀ ਕੱਢੇ। ਚੇਤੇ ਰਹੇ ਕਿ 25 ਅਗਸਤ ਨੂੰ ਪੰਚਕੂਲਾ ਵਿਖੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸਾਧਵੀ ਯੌਨ ਸ਼ੋਸ਼ਣ ਮਾਮਲੇ ਸਬੰਧੀ ਫੈਸਲਾ ਸੁਣਾਇਆ ਜਾਣਾ ਹੈ ਤੇ ਡੇਰੇ ਦੇ ਸਮਰਥਕ ਪੰਚਕੂਲਾ ਪਹੁੰਚਣੇ ਵੀ ਸ਼ੁਰੂ ਹੋ ਗਏ ਹਨ।