ਸ਼੍ਰੋਮਣੀ ਅਕਾਲੀ ਦਲ ਦੇ ਦੋਗਲੇਪਣ ਨੂੰ ਉਜਾਗਰ ਕਰਨ ਲਈ ਲਾਇਆ ਧਰਨਾ : ਖਹਿਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਦਿੱਲੀ ਗਏ ‘ਆਪ’ ਵਿਧਾਇਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਵਿਧਾਇਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਦੇ ਬਾਹਰ ਧਰਨੇ ਲਾਉਣ ਲਈ ਅੱਗੇ ਵਧ ਰਹੇ ਸਨ। ਪੁਲਿਸ ਨੇ ਇਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਤੇ ਪੁਲਿਸ ਵੱਲੋਂ ਲਾਈਆਂ ਰੋਕਾਂ ਲੰਘਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਵਿਧਾਇਕਾਂ ਦੀ ਅਗਵਾਈ ਕਰ ਰਹੇ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਇਹ ਧਰਨਾ ਸ਼੍ਰੋਮਣੀ ਅਕਾਲੀ ਦਲ ਦੇ ਦੋਗਲੇਪਣ ਨੂੰ ਉਜਾਗਰ ਕਰਨ ਲਈ ਲਾਇਆ ਗਿਆ ਸੀ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵੱਲੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਨੂੰ ਟੈਕਸ ਤੇ ਹੋਰ ਵਿਸ਼ੇਸ਼ ਰਿਆਇਤਾਂ ਦੇਣ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਨੂੰਹ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੀ ਸਹਿਮਤੀ ਦਿੱਤੀ ਹੈ। ਖਹਿਰਾ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਆਲੋਚਨਾ ਕੀਤੀ।