ਗਿਆਨੀ ਹਰਪ੍ਰੀਤ ਸਿੰਘ ਨੂੰ ਦਮਦਮਾ ਸਾਹਿਬ ਦੇ ਪੱਕੇ ਤੌਰ ‘ਤੇ ਜਥੇਦਾਰ ਵਜੋਂ ਪ੍ਰਵਾਨਗੀ
ਰੂਪਨਗਰ : ਐਸਜੀਪੀਸੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਅਹਿਮ ਮੀਟਿੰਗ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਸੌਂਪਣ ਦਾ ਅਹਿਮ ਫ਼ੈਸਲਾ ਕੀਤਾ ਗਿਆ, ਜਦਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਯੋਗਤਾ ਅਤੇ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਵਜੋਂ ਪੱਕੇ ਤੌਰ ‘ਤੇ ਜਥੇਦਾਰ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਮੀਟਿੰਗ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ। ਅੰਤ੍ਰਿਗ ਕਮੇਟੀ ਦੀ ਇਸ ਅਹਿਮ ਬੈਠਕ ਵਿਚ ਲਏ ਗਏ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਕੱਤਰਤਾ ਵਿਚ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਉਨ੍ਹਾਂ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਵੀ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ ਅਤੇ ਨਾਲ-ਨਾਲ ਕਾਰਜਕਾਰੀ ਤੌਰ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਵੀ ਨਿਭਾਉਣਗੇ।
ਸਾਬਤ ਸੂਰਤਾਂ ਸਿੱਖਾਂ ਨੂੰ ਮੁਫਤ ਦਿੱਤੀ ਜਾਵੇਗੀ ਆਈਏਐਸ ਦੀ ਸਿਖਲਾਈ
ਰੂਪਨਗਰ : ਸਿੱਖ ਨੌਜਵਾਨੀ ਨੂੰ ਅਕਾਦਮਿਕ ਖੇਤਰ ਵਿਚ ਮੁਕਾਬਲੇ ਦੇ ਸਮਰੱਥ ਬਣਾਉਣ ਲਈ ਸਾਬਤ ਸੂਰਤ ਸਿੱਖ ਨੌਜਵਾਨਾਂ ਨੂੰ ਕੌਮੀ ਅਤੇ ਸੂਬਾਈ ਪੱਧਰ ਦੀਆਂ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਉਚ ਪੱਧਰ ਦੀ ਸਿਖਲਾਈ ਦੇਣ ਦਾ ਫੈਸਲਾ ਕੀਤਾ ਗਿਆ। ਹੋਂਦ ਚਿੱਲੜ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਧਰਮ ਪਤਨੀ ਬੀਬੀ ਰਮਨਜੀਤ ਕੌਰ ਨੂੰ ਉਸਦੀ ਵਿੱਦਿਅਕ ਯੋਗਤਾ ਮੁਤਾਬਕ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …