Breaking News
Home / ਹਫ਼ਤਾਵਾਰੀ ਫੇਰੀ / ਡਾ. ਸੁਰਜੀਤ ਪਾਤਰ ਨੇ ਸੰਭਾਲੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨੀ

ਡਾ. ਸੁਰਜੀਤ ਪਾਤਰ ਨੇ ਸੰਭਾਲੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨੀ

ਨਵਜੋਤ ਸਿੱਧੂ ਨੇ ਕਿਹਾ, ਪੰਜਾਬ ਲਈ ਅੱਜ ਦਾ ਦਿਨ ਇਤਿਹਾਸਕ
ਚੰਡੀਗੜ੍ਹ/ਬਿਊਰੋ ਨਿਊਜ਼
ਪਦਮ ਸ੍ਰੀ ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਬਣ ਗਏ ਹਨ। ਸ਼ਾਇਰ ਤੇ ਸਾਹਿਤਕ ਜਗਤ ਦੀ ਉੱਚ ਕੋਟੀ ਦੀ ਸਖਸ਼ੀਅਤ ਪਦਮ ਸ੍ਰੀ ਡਾ. ਸੁਰਜੀਤ ਪਾਤਰ ਨੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਡਾ. ਨੀਲਮ ਮਾਨ ਸਿੰਘ ਨੇ ਪ੍ਰੀਸ਼ਦ ਦੇ ਸੀਨੀਅਰ ਵਾਈਸ ਚੇਅਰਪਰਸਨ ਵਜੋਂ ਵੀ ਅਹੁਦਾ ਸੰਭਾਲ ਲਿਆ। ਧਿਆਨ ਰਹੇ ਕਿ ਪੰਜਾਬ ‘ਚ ਸੱਤਾ ਬਦਲਣ ਤੋਂ ਬਾਅਦ ਅਕਾਲੀ ਪੱਖੀ ਮੰਨੀ ਜਾਂਦੀ ਚੇਅਰਪਰਸਨ ਸਤਿੰਦਰ ਸੱਤੀ ਅਤੇ ਵਾਈਸ ਚੇਅਰਮੈਨ ਵਿਰਦੀ ਦੀ ਨਾਮਜ਼ਦਗੀ ਨੂੰ ਰੱਦ ਕਰਦਿਆਂ ਡਾ. ਸੁਰਜੀਤ ਪਾਤਰ ਅਤੇ ਡਾ. ਨੀਲਮ ਮਾਨ ਸਿੰਘ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਤੇ ਫਿਰ ਵੀਰਵਾਰ ਨੂੰ ਸਰਬਸੰਮਤੀ ਨਾਲ ਸੁਰਜੀਤ ਪਾਤਰ ਨੂੰ ਚੇਅਰਮੈਨ ਤੇ ਡਾ. ਨੀਲਮ ਮਾਨ ਨੂੰ ਵਾਈਸ ਚੇਅਰਮੈਨ ਚੁਣ ਲਿਆ ਗਿਆ। ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿੱਚ ਹੋਏ ਸਮਾਰੋਹ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ, ਡਾ.ਰਾਜ ਕੁਮਾਰ ਵੇਰਕਾ, ਪਰਮਿੰਦਰ ਸਿੰਘ ਪਿੰਕੀ, ਪਰਗਟ ਸਿੰਘ ਹਾਜ਼ਰ ਹੋਏ।
ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਪੰਜਾਬ ਲਈ ਇਤਿਹਾਸਕ ਦਿਨ ਹੈ ਜਦੋਂ ਸਾਹਿਤ, ਸੱਭਿਆਚਾਰ, ਮਾਂ ਬੋਲੀ ਤੇ ਵਿਰਸੇ ਦੀ ਸਾਂਭ ਸੰਭਾਲ ਲਈ ਕੰਮ ਕਰਦੀ ਸੰਸਥਾ ਪੰਜਾਬ ਕਲਾ ਪ੍ਰੀਸ਼ਦ ਦੀ ਅਗਵਾਈ ਡਾ. ਸੁਰਜੀਤ ਪਾਤਰ ਨੇ ਸੰਭਾਲੀ ਹੈ। ਸਿੱਧੂ ਨੇ ਵਿਸ਼ਵਾਸ ਪ੍ਰਗਟਾਇਆ ਕਿ ਡਾ. ਪਾਤਰ ਦੀ ਅਗਵਾਈ ਵਿੱਚ ਸੂਬੇ ਵਿੱਚ ਸੱਭਿਆਚਾਰਕ ਪਾਰਲੀਮੈਂਟ ਬਣਾ ਕੇ ਨੌਜਵਾਨਾਂ ਲਈ ਅਜਿਹੀ ਲੋਕ ਲਹਿਰ ਉਸਾਰੀ ਜਾਵੇਗੀ, ਜਿਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਿਆ ਜਾਵੇਗਾ। ਇਸ ਮੌਕੇ ਡਾ. ਸੁਰਜੀਤ ਪਾਤਰ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ ਮਾਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਪੰਜਾਬੀ ਮਾਂ ਬੋਲੀ, ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਨੂੰ ਮੁੱਖ ਤਰਜੀਹ ਦੇਣਗੇ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …