Breaking News
Home / ਪੰਜਾਬ / ਗੁਰਦਾਸਪੁਰ ਜ਼ਿਮਨੀ ਚੋਣ : ਉਮੀਦਵਾਰ ਦੀ ਚੋਣ ਨੂੰ ਲੈ ਕੇ ਕਾਂਗਰਸ ਘੁੰਮਣਘੇਰੀ ‘ਚ ਫਸੀ

ਗੁਰਦਾਸਪੁਰ ਜ਼ਿਮਨੀ ਚੋਣ : ਉਮੀਦਵਾਰ ਦੀ ਚੋਣ ਨੂੰ ਲੈ ਕੇ ਕਾਂਗਰਸ ਘੁੰਮਣਘੇਰੀ ‘ਚ ਫਸੀ

ਬਾਹਰਲੇ ਉਮੀਦਵਾਰ ਦੇ ਹੱਕ ‘ਚ ਗੁਣਾ ਪੈਣ ਦੇ ਆਸਾਰ
ਚੰਡੀਗੜ੍ਹ/ਬਿਊਰੋ ਨਿਊਜ਼ :
ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਨੂੰ ਲੈ ਕੇ ਕਾਂਗਰਸ ਪਾਰਟੀ ਘੁੰਮਣਘੇਰੀ ਵਿੱਚ ਫਸੀ ਹੋਈ ਹੈ। ਇਸ ਹਲਕੇ ਦਾ ਗੁਣਾ ਗੁਰਦਾਸਪੁਰ ਹਲਕੇ ਤੋਂ ਬਾਹਰਲੇ ਉਮੀਦਵਾਰ ਦੇ ਹੱਕ ਵਿੱਚ ਪੈਣ ਦੇ ਵੱਧ ਆਸਾਰ ਹਨ। ਮੁੱਖ ਮੰਤਰੀ ਦੇ ਕਰੀਬੀ ਹਲਕਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਕਾਂਗਰਸ ਆਗੂਆਂ ਵਿਚਾਲੇ ਧੜੇਬੰਦੀ ਕਾਰਨ ਜ਼ਿਲ੍ਹੇ ਦੇ ਕਿਸੇ ਵੀ ਆਗੂ ਨੂੰ ਉਮੀਦਵਾਰ ਬਣਾਉਣ ਦੇ ਹੱਕ ਵਿੱਚ ਨਹੀਂ ਹਨ।
ਮੁੱਖ ਮੰਤਰੀ ਕਿਸੇ ਹਿੰਦੂ ਚਿਹਰੇ ਜਾਂ ਕਿਸੇ ਕਲਾਕਾਰ ਨੂੰ ਉਮੀਦਵਾਰ ਬਣਾਉਣਾ ਚਾਹੁੰਦੇ ਹਨ। ਇਸ ਸਿਲਸਿਲੇ ਵਿੱਚ ਇੱਕ ਕ੍ਰਿਕਟਰ ਨਾਲ ਵੀ ਗੱਲਬਾਤ ਤੋਰੀ ਗਈ ਸੀ, ਪਰ ਉਸ ਨੇ ਚੋਣ ਲੜਨ ਵਿੱਚ ਦਿਲਚਸਪੀ ਨਹੀਂ ਦਿਖਾਈ। ਜਾਣਕਾਰਾਂ ਦਾ ਕਹਿਣਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਆਪਣੇ ਪਰਿਵਾਰ ਤੇ ਖ਼ਾਸ ਕਰ ਕੇ ਆਪਣੀ ਪਤਨੀ ਤੇ ਸਾਬਕਾ ਵਿਧਾਇਕ ਚਰਨਜੀਤ ਕੌਰ ਬਾਜਵਾ ਨੂੰ ਟਿਕਟ ਦਿਵਾਉਣ ਲਈ ਯਤਨਸ਼ੀਲ ਹਨ।
ਇਸ ਸਬੰਧੀ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨਾਲ ਵੀ ਰਾਬਤਾ ਕਾਇਮ ਕੀਤਾ ਹੈ। ਇਸੇ ਜ਼ਿਲ੍ਹੇ ਤੋਂ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਵੀ ਉਮੀਦਵਾਰ ਬਣਨ ਦੀ ਕਤਾਰ ਵਿੱਚ ਹਨ ਤੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਸਿਲਸਿਲੇ ਵਿੱਚ ਮੁਲਾਕਾਤ ਵੀ ਕੀਤੀ ਹੈ।
ਜਾਣਕਾਰਾਂ ਦਾ ਕਹਿਣਾ ਹੈ ਕਿ ਜੇਕਰ ਜ਼ਿਲ੍ਹੇ ਵਿੱਚੋਂ ਕਿਸੇ ਆਗੂ ਨੂੰ ਟਿਕਟ ਦੇਣ ਦਾ ਸੁਆਲ ਪੈਦਾ ਹੋਇਆ ਤਾਂ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਆਪਣੇ ਪੁੱਤਰ ਨੂੰ ਟਿਕਟ ਦੇਣ ਲਈ ਜ਼ੋਰ ਪਾਉਣਗੇ ਪਰ ਉਹ ਚਾਹੁੰਦੇ ਹਨ ਕਿ ਪਹਿਲਾਂ ਇਹ ਗੱਲ ਸਪੱਸ਼ਟ ਹੋਵੇ ਕਿ ਟਿਕਟ ਜ਼ਿਲ੍ਹੇ ਤੋਂ ਬਾਹਰਲੇ ਆਗੂ ਜਾਂ ਜ਼ਿਲ੍ਹੇ ਵਿੱਚੋਂ ਕਿਸੇ ਆਗੂ ਨੂੰ ਮਿਲਣੀ ਹੈ। ਇਸੇ ਲੋਕ ਸਭਾ ਹਲਕੇ ਵਿੱਚ ਪੈਂਦੇ ਪਠਾਨਕੋਟ ਜ਼ਿਲ੍ਹੇ ਤੋਂ ਕਾਂਗਰਸ ਵਿਧਾਇਕ ਅਮਿਤ ਵਿਜ ਦੇ ਨਾਂ ਦੀ ਵੀ ਚਰਚਾ ਹੈ। ਜੇਕਰ ਬਾਹਰਲੇ ਉਮੀਦਵਾਰ ਨੂੰ ਟਿਕਟ ਦੇਣ ਦਾ ਫ਼ੈਸਲਾ ਹੋਇਆ ਤਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਗੁਣਾ ਪੈ ਸਕਦਾ ਹੈ, ਕਿਉਂਕਿ ਇਸ ਜ਼ਿਲ੍ਹੇ ਦੇ ਸੀਨੀਅਰ ਵਿਧਾਇਕ ਉਨ੍ਹਾਂ ਨੂੰ ਉਮੀਦਵਾਰ ਬਣਾਉਣ ‘ਤੇ ਜ਼ੋਰ ਦੇ ਰਹੇ ਹਨ।
ਜੇਕਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਹੁਕਮ ਜਾਰੀ ਕਰ ਦਿੱਤਾ ਤਾਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਰਨਾ ਪੈ ਸਕਦਾ ਹੈ। ਕਾਂਗਰਸ ਲੀਡਰਸ਼ਿਪ ਚਾਹੁੰਦੀ ਹੈ ਕਿ ਮੁੱਖ ਮੰਤਰੀ ਦੀ ਇੰਗਲੈਂਡ ਫੇਰੀ ਤੋਂ ਪਹਿਲਾਂ ਇਸ ਮਾਮਲੇ ਵਿਚ ਕੁਝ ਤੈਅ ਹੋ ਜਾਵੇ, ਪਰ ਇੱਕ ਧਿਰ ਦਾ ਕਹਿਣਾ ਹੈ ਕਿ ਪਹਿਲਾਂ ਚੋਣ ਕਮਿਸ਼ਨ ਵੱਲੋਂ ਤਰੀਕ ਦੇ ਐਲਾਨ ਦੀ ਉਡੀਕ ਕਰਨੀ ਚਾਹੀਦੀ ਹੈ। ਇਹ ਵੀ ਸੰਭਵ ਹੈ ਕਿ ਇਸ ਹਲਕੇ ਦੀ ਜ਼ਿਮਨੀ ਚੋਣ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨਾਲ ਹੀ ਕਰਵਾਈ ਜਾਵੇ। ਇਸ ਕਰ ਕੇ ਚੋਣ 27 ਅਕਤੂਬਰ ਦੀ ਥਾਂ ਨਵੰਬਰ ਵਿੱਚ ਹੋਣ ਦੀ ਸੰਭਾਵਨਾ ਵੀ ਹੈ। ਭਾਜਪਾ ਵੀ ਉਮੀਦਵਾਰ ਨੂੰ ਲੈ ਕੇ ਕਸ਼ਮਕਸ਼ ਵਿੱਚ ਹੈ। ਪਾਰਟੀ ਦੇ ਕੁਝ ਆਗੂ ਵਿਨੋਦ ਖੰਨਾ ਦੀ ਪਤਨੀ ਨੂੰ ਉਮੀਦਵਾਰ ਬਣਾਉਣ ਦੇ ਹੱਕ ਵਿੱਚ ਹਨ ਤੇ ਇਕ ਹਿੱਸਾ ਸਥਾਨਕ ਆਗੂ ਨੂੰ ਟਿਕਟ ਦਿਵਾਉਣ ਲਈ ਮੁਹਿੰਮ ਚਲਾ ਰਿਹਾ ਹੈ। ਇਸ ਲਈ ਚੋਣ ਦੀ ਤਰੀਕ ਦੇ ਐਲਾਨ ਤੋਂ ਬਾਅਦ ਹੀ ਭਾਜਪਾ ਵੱਲੋਂ ਉਮੀਦਵਾਰ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …