Breaking News
Home / ਹਫ਼ਤਾਵਾਰੀ ਫੇਰੀ / ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ ਨੂੰ ਪੈਣਗੀਆਂ ਵੋਟਾਂ

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ ਪੈਣਗੀਆਂ। ਫ਼ਿਲਮ ਅਦਾਕਾਰ ਵਿਨੋਦ ਖੰਨਾ ਦੀ ਮੌਤ ਕਾਰਨ ਇਸ ਹਲਕੇ ਦੀ ਚੋਣ ਕਰਾਈ ਜਾ ਰਹੀ ਹੈ। ਚੋਣ ਕਮਿਸ਼ਨ ਨੇ ਇਸ ਹਲਕੇ ਲਈ ਵੋਟਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਭਾਵੇਂ ਉਮੀਦਵਾਰਾਂ ਦੇ ਨਾਮ ਅਜੇ ਤੈਅ ਨਹੀਂ ਕੀਤੇ, ਪਰ ਨਾਮਜ਼ਦਗੀ ਦਾਖਲ ਕਰਨ ਦਾ ਅਮਲ 15 ਸਤੰਬਰ ਤੋਂ ਆਰੰਭ ਹੋ ਜਾਵੇਗਾ। 22 ਸਤੰਬਰ ਤੱਕ ਕਾਗਜ਼ ਦਾਖਲ ਕੀਤੇ ਜਾ ਸਕਣਗੇ ਅਤੇ ਨਤੀਜਾ 15 ਅਕਤੂਬਰ ਨੂੰ ਐਲਾਨਿਆ ਆਵੇਗਾ।
ਚੋਣ ਦਾ ਐਲਾਨ ਹੁੰਦਿਆਂ ਹੀ ਗੁਰਦਾਸਪੁਰ ਜ਼ਿਲ੍ਹੇ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਇਸ ਸੰਸਦੀ ਹਲਕੇ ਤੋਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦਰਮਿਆਨ ਤਿਕੋਣੀ ਟੱਕਰ ਹੋਣ ਦੇ ਆਸਾਰ ਹਨ। ਭਾਜਪਾ ਵੱਲੋਂ ਮਰਹੂਮ ਵਿਨੋਦ ਖੰਨਾ ਦੀ ਪਤਨੀ ਸ੍ਰੀਮਤੀ ਕਵਿਤਾ ਖੰਨਾ, ਸੀਨੀਅਰ ਆਗੂ ਅਵਿਨਾਸ਼ ਖੰਨਾ, ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਸਵਰਨ ਸਲਾਰੀਆ ਦਾਅਵੇਦਾਰਾਂ ਵਿੱਚ ਸ਼ਾਮਲ ਹਨ। ਕਾਂਗਰਸ ਦੇ ਸਥਾਨਕ ਆਗੂਆਂ ਅਤੇ ਵਿਧਾਇਕਾਂ ਵੱਲੋਂ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਟਿਕਟ ਦੇਣ ‘ਤੇ ਜ਼ੋਰ ਪਾਇਆ ਜਾ ਰਿਹਾ ਹੈ। ਜਦੋਂ ਕਿ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਚਰਨਜੀਤ ਕੌਰ ਬਾਜਵਾ ਸਮੇਤ ਅੱਧੀ ਦਰਜਨ ਤੋਂ ਵੱਧ ਸਥਾਨਕ ਆਗੂ ਟਿਕਟ ਹਾਸਲ ਕਰਨ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …