Breaking News
Home / ਪੰਜਾਬ / ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਹੋਈਆਂ ਸਿਆਸੀ ਕਾਨਫਰੰਸਾਂ

ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਹੋਈਆਂ ਸਿਆਸੀ ਕਾਨਫਰੰਸਾਂ

ਸਿਆਸੀ ਪਾਰਟੀਆਂ ਨੇ ਇਕ ਦੂਜੇ ਨੂੰ ਰੱਜ ਕੇ ਭੰਡਿਆ
ਖਡੂਰ ਸਾਹਿਬ/ਬਿਊਰੋ ਨਿਊਜ਼ : ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਗੁਰਦੁਆਰਾ ਖਡੂਰ ਸਾਹਿਬ ਵਿੱਚ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ। ਇਸ ਮੌਕੇ ਹਾਕਮ ਧਿਰ ਕਾਂਗਰਸ ਤੋਂ ਇਲਾਵਾ ਅਕਾਲੀ ਦਲ, ਆਮ ਆਦਮੀ ਪਾਰਟੀ, ਅਕਾਲੀ ਦਲ (ਅ) ਅਤੇ ਸੀ.ਪੀ.ਆਈ. ਨੇ ਸਿਆਸੀ ਕਾਨਫ਼ਰੰਸਾਂ ਕੀਤੀਆਂ। ਕਾਂਗਰਸ ਦੀ ਕਾਨਫ਼ਰੰਸ ਵਿੱਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਰੱਜ ਕੇ ਸ਼ਲਾਘਾ ਕੀਤੀ, ਜਦੋਂ ਕਿ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਰੱਜ ਕੇ ਭੰਡਿਆ।
ਕਾਂਗਰਸ ਦੀ ਕਾਨਫ਼ਰੰਸ ਵਿੱਚ ਸਿੱਕੀ ਹੀ ਮੁੱਖ ਆਗੂ ਵਜੋਂ ਸ਼ਾਮਲ ਹੋਏ, ਜਦੋਂ ਕਿ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕੀਤਾ। ਆਮ ਆਦਮੀ ਪਾਰਟੀ ਵੱਲੋਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਸਮੇਤ ਕਈ ਆਗੂਆਂ ਨੇ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਸਿੱਕੀ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਪਿੰਡਾਂ ਨੂੰ ਜਾਰੀ ਹੋਈਆਂ ਗਰਾਂਟਾਂ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਸ ਸਬੰਧੀ ਬਾਰੀਕੀ ਨਾਲ ਜਾਂਚ ਕਰਵਾਈ ਜਾ ਰਹੀ ਹੈ ਤੇ ਘਪਲੇਬਾਜ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖ਼ੁਦ ਨੂੰ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਬਣਾਏ ਜਾਣ ਸਬੰਧੀ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ਦੀ ਹੀ ਨੁਮਾਇੰਦਗੀ ਕਰਦੇ ਰਹਿਣਗੇ। ਕਾਨਫ਼ਰੰਸ ਵਿੱਚ ਪਾਰਟੀ ਦੇ ਕਿਸੇ ਹੋਰ ਸੀਨੀਅਰ ਆਗੂ ਦੇ ਨਾ ਪੁੱਜਣ ਕਾਰਨ ਪਾਰਟੀ ਵਰਕਰ ਨਿਰਾਸ਼ ਹੋਏ।
ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਹੀ ਗ਼ਰੀਬ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ ਤੇ ਖ਼ਜ਼ਾਨਾ ਖਾਲੀ ਹੋਣ ਕਰ ਕੇ ਵਿਕਾਸ ਕਾਰਜ ਬੰਦ ਹਨ। ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ। ਕਾਂਗਰਸ ਸਰਕਾਰ ਤੋਂ ਲੋਕਾਂ ਦਾ ਭਰੋਸਾ ਖ਼ਤਮ ਹੋ ਗਿਆ ਹੈ। ਵਲਟੋਹਾ ਨੇ ਇਕ ਟੀ.ਵੀ. ਚੈਨਲ ਦਾ ਨਾਂ ਲੈ ਕੇ ਉਸ ਦੇ ਮਾਲਕਾਂ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਸਿੱਖਾਂ ਵਿੱਚ ਕਥਿਤ ਤੌਰ ‘ਤੇ ਵੰਡੀਆਂ ਪਾਉਣ ਖ਼ਿਲਾਫ਼ ਚੇਤਾਵਨੀ ਦਿੱਤੀ।
‘ਆਪ’ ਦੀ ਕਾਨਫ਼ਰੰਸ ਵਿੱਚ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਵਿੱਚ ਨਸ਼ੇ ਪਿਛਲੀ ਸਰਕਾਰ ਵਾਂਗ ਚੱਲ ਰਹੇ ਹਨ ਅਤੇ ਕਿਸਾਨ ਖ਼ੁਦਕੁਸ਼ੀਆਂ ਵੀ ਜਾਰੀ ਹਨ। ਕੈਪਟਨ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕੁਝ ਵੀ ਕਰਨ ਦੀ ਲੋੜ ਨਹੀਂ ਸਮਝੀ, ਇਸ ਲਈ ਹਾਲੇ ਤੱਕ ਕੋਈ ਖੇਤੀ ਮੰਤਰੀ ਨਹੀਂ ਬਣਾਇਆ ਗਿਆ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਗ਼ੈਰ-ਜ਼ਿੰਮੇਵਾਰ ਮੁੱਖ ਮੰਤਰੀ ਆਖਦਿਆਂ ਕਿਹਾ ਕਿ ਉਹ ਪਿਛਲੇ ਛੇ ਮਹੀਨਿਆਂ ਵਿੱਚ ਸੂਬੇ ਅੰਦਰ ਕੇਵਲ ਛੇ ਵਾਰ ਹੀ ਆਏ ਹਨ। ਮਾਨ ਨੇ ਕਿਹਾ ਕਿ ਉਹ ਸੰਸਦ ਵਿੱਚ ਇਸ ਇਲਾਕੇ ਦੇ ਮੰਡ ਖੇਤਰ ਦੇ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਮੁਸ਼ਕਲਾਂ ਰੱਖਣਗੇ।
ਕਾਨਫ਼ਰੰਸ ਨੂੰ ਸੁਖਪਾਲ ਸਿੰਘ ਖਹਿਰਾ, ਭੁਪਿੰਦਰ ਸਿੰਘ ਬਿੱਟੂ, ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕੀਤਾ। ਅਕਾਲੀ ਦਲ (ਅ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੀ ਨਿਖੇਧੀ ਕੀਤੀ ਅਤੇ ਸੂਬੇ ਦੇ ਸਕੂਲਾਂ-ਕਾਲਜਾਂ, ਸਿਹਤ ਕੇਂਦਰਾਂ ਆਦਿ ਦੀ ਮਾੜੀ ਹਾਲਤ ਪ੍ਰਤੀ ਦੁੱਖ ਪ੍ਰਗਟਾਇਆ। ਸੀਪੀਆਈ ਦੀ ਕਾਨਫ਼ਰੰਸ ਨੂੰ ਪਾਰਟੀ ਦੇ ਸੂਬਾ ਕਾਰਜਕਾਰਨੀ ઠਮੈਂਬਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ઠਸੰਬੋਧਨ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੀਤੀਆਂ ਕਰ ਕੇ ਹੀ ਦੇਸ਼ ਅੰਦਰ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ ਜਿਹੀਆਂ ਅਲਾਮਤਾਂ ਦਾ ਪਸਾਰਾ ਹੋਇਆ ਹੈ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …